ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ, ਕਿਹਾ— ਲੋਕ ਸੇਵਾ ਲਈ ਭਗਵਾਨ ਦਾਸ ਅਰੋੜਾ ਦਾ ਯੋਗਦਾਨ ਹਮੇਸ਼ਾ ਰਹੇਗਾ ਪ੍ਰੇਰਣਾ ਸਰੋਤ

ਸੁਨਾਮ, 3 ਜੁਲਾਈ: (ਵਿਸ਼ਾਲ ਗੁਪਤਾ): ਸੁਨਾਮ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਾਰਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਗਵਾਨ ਦਾਸ ਅਰੋੜਾ ਦਾ ਲੋਕ ਭਲਾਈ ਅਤੇ ਵਿਕਾਸ ਲਈ ਦਿੱਤਾ ਯੋਗਦਾਨ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿਊਂਦਾ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਦਾਸ ਅਰੋੜਾ ਨੇ ਆਪਣੇ ਜਨ ਜੀਵਨ ਦੌਰਾਨ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਅਤੇ ਇਲਾਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਅਮਨ ਅਰੋੜਾ ਨੇ ਕਿਹਾ ਕਿ ਨਵਾਂ ਵਿਕਸਿਤ ਕੀਤਾ ਗਿਆ ਇਹ ਪਾਰਕ ਸਿਰਫ਼ ਇੱਕ ਮਨੋਰੰਜਨ ਸਥਾਨ ਨਹੀਂ, ਸਗੋਂ ਮਰਹੂਮ ਆਗੂ ਦੀਆਂ ਲੋਕ ਸੇਵਾਵਾਂ ਦਾ ਪ੍ਰਤੀਕ ਵੀ ਹੈ। ਉਨ੍ਹਾਂ ਦੱਸਿਆ ਕਿ ਪਾਰਕ ਵਿੱਚ ਹਰ ਉਮਰ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਬੱਚਿਆਂ ਲਈ ਖੇਡਣ ਦੇ ਸਾਜ਼ੋ-ਸਾਮਾਨ, ਬਜ਼ੁਰਗਾਂ ਲਈ ਆਰਾਮਦਾਇਕ ਬੈਠਕਾਂ, ਸੈਰ ਲਈ ਸੁੰਦਰ ਟਰੈਕ, ਹਰਿਆਲੀ ਅਤੇ ਸੁਚੱਜੀ ਲੈਂਡਸਕੇਪਿੰਗ ਇਸ ਪਾਰਕ ਦੀਆਂ ਵਿਸ਼ੇਸ਼ਤਾਵਾਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ, ਵਾਤਾਵਰਣ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਭਰ ਵਿੱਚ ਅਜਿਹੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਖਦਾਈ ਮਾਹੌਲ ਮਿਲ ਸਕੇ।
ਸਮਾਗਮ ਦੌਰਾਨ ਮਰਹੂਮ ਭਗਵਾਨ ਦਾਸ ਅਰੋੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀਆਂ ਸਮਾਜ ਅਤੇ ਰਾਜਨੀਤੀ ਵਿੱਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਸਮਾਜ ਸੇਵੀਆਂ, ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕਾਂ ਅਤੇ ਭਗਵਾਨ ਦਾਸ ਅਰੋੜਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਹਾਜ਼ਰੀ ਲਗਾਈ।