ਸੰਗਰੂਰ, 28 ਅਗਸਤ, 2026 (ਹਰਸ਼ਪ੍ਰੀਤ ਕੌਰ) : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਮਿਤੀ 12 ਸਤੰਬਰ, 2026 ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ, ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸਬੰਧਤ ਕੇਸ ਲਗਾ ਕੇ ਨਿਪਟਾਰਾ ਕਰਵਾਉਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਫ਼ੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਦੀ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੋਤਾ ਸਦਨ, ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।







