ਫਤਹਿਗੜ੍ਹ ਸਾਹਿਬ,12 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਓ ਸਿੰਘ ਗਿੱਲ, ਨੇ ਦਿੱਤੀ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਦੇ ਕੇਸ, ਪੈਸਿਆਂ ਦੀ ਵਸੂਲੀ ਸਬੰਧੀ ਕੇਸ, ਕਿਰਤ ਅਤੇ ਰੁਜ਼ਗਾਰ ਸਬੰਧੀ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਮੇਤ ਹੋਰ ਬਿੱਲਾਂ ਦੀ ਅਦਾਇਗੀ ਸਬੰਧੀ ਕੇਸ (ਗੈਰ-ਸਮਝੌਤਾਯੋਗ ਅਪਰਾਧਾਂ ਨੂੰ ਛੱਡ ਕੇ), ਗੁਜ਼ਾਰਾ ਭੱਤੇ ਦੇ ਕੇਸ, ਹੋਰ ਸਮਝੌਤਾਯੋਗ ਫੌਜਦਾਰੀ ਕੇਸ ਅਤੇ ਹੋਰ ਦੀਵਾਨੀ ਝਗੜਿਆਂ ਤੋਂ ਇਲਾਵਾ ਅਦਾਲਤਾਂ/ਟ੍ਰਿਬਿਊਨਲਾਂ ਵਿੱਚ ਲੰਬਿਤ ਕੇਸਾਂ ਜਿਵੇਂ ਕਿ ਸਮਝੌਤਾਯੋਗ ਫੌਜਦਾਰੀ ਅਪਰਾਧ, ਚੈੱਕ ਬਾਊਂਸ ਕੇਸ, ਪੈਸਿਆਂ ਦੀ ਵਸੂਲੀ ਦੇ ਕੇਸ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (MACT) ਦੇ ਕੇਸ, ਕਿਰਤ ਅਤੇ ਰੁਜ਼ਗਾਰ ਸਬੰਧੀ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੀ ਅਦਾਇਗੀ ਸਬੰਧੀ ਕੇਸ (ਗੈਰ-ਸਮਝੌਤਾਯੋਗ ਅਪਰਾਧਾਂ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਦੇ ਕੇਸਾਂ ਨੂੰ ਛੱਡ ਕੇ), ਜ਼ਮੀਨ ਪ੍ਰਾਪਤੀ ਸਬੰਧੀ ਕੇਸ (ਜੋ ਦੀਵਾਨੀ ਅਦਾਲਤਾਂਟ੍ਰਿਬਿਊਨਲਾਂ ਵਿੱਚ ਲੰਬਿਤ ਹਨ), ਤਨਖਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ ਨਾਲ ਸਬੰਧਤ ਸੇਵਾ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਕੇਸ ਆਦਿ ਸੁਣਵਾਈ ਅਤੇ ਨਿਪਟਾਰੇ ਲਈ ਰੱਖੇ ਜਾਣਗੇ।ਇਸ ਮੰਤਵ ਲਈ ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਧਿਰਾਂ ਵਿਚਕਾਰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਇਸ ਨਾਲ ਸਬੰਧਤ ਧਿਰਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਆਪਸੀ ਰੰਜਿਸ਼ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੇ ਕੇਸ, ਇੱਥੋਂ ਤੱਕ ਕਿ ਮੁਕੱਦਮਾ ਦਰਜ ਹੋਣ ਤੋਂ ਪਹਿਲਾਂ ਦੇ ਪੜਾਅ ‘ਤੇ ਪਏ ਕੇਸ ਵੀ, ਆਪਸੀ ਸਮਝੌਤ ਰਾਹੀਂ ਨਿਪਟਾਰੇ ਲਈ ਲੋਕ ਅਦਾਲਤ ਵਿੱਚ ਲਿਆਂਦੇ ਜਾ ਸਕਦੇ ਹਨ। ਹਾਲਾਂਕਿ, ਗੈਰ-ਸਮਝੌਤਾਯੋਗ ਫੌਜਦਾਰੀ ਕੇਸ ਲੋਕ ਅਦਾਲਤ ਵਿੱਚ ਨਹੀਂ ਲਿਆਂਦੇ ਜਾ ਸਕਦੇ। ਉਨ੍ਹਾਂ ਹੋਰ ਦੱਸਿਆ ਕਿ ਲੋਕ ਅਦਾਲਤ ਵਿੱਚ ਹੋਏ ਸਮਝੌਤੇ ਉਪਰੰਤ ਜਾਰੀ ਕੀਤਾ ਗਿਆ ਐਵਾਰਡ ਅੰਤਿਮ ਹੁੰਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਧਿਰਾਂ ਵੱਲੋਂ ਅਦਾ ਕੀਤੀ ਗਈ ਅਦਾਲਤੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਲੋਕ ਅਦਾਲਤ ਰਾਹੀਂ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਝਗੜੇ ਦਾ ਜਲਦੀ ਨਿਪਟਾਰਾ ਹੋ ਜਾਂਦਾ ਹੈ, ਜਿਸ ਨਾਲ ਦੋਵਾਂ ਧਿਰਾਂ ਨੂੰ ਲਾਭ ਮਿਲਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈੱਬਸਾਈਟ www.pulsa.gov.in ‘ਤੇ ਜਾਇਆ ਜਾ ਸਕਦਾ ਹੈ ਜਾਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਦੇ ਸੰਪਰਕ ਨੰਬਰ 01763232160 ਤੇ ਸੰਪਰਕ ਕੀਤਾ ਜਾ ਸਕਦਾ ਹੈ।
