ਪੰਜਾਬ:3ਜੁਲਾਈ (ਛਤਰਪਾਲ ਸਿੰਘ):ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਗਲੇ ਮਹੀਨੇ ਤੋਂ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਦਾ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਕਲਾਸਰੂਮ ਸਿੱਖਿਆ ਨੂੰ ਆਧੁਨਿਕ ਬਣਾਉਣਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਲੋੜੀਂਦੇ ਤਕਨੀਕੀ ਹੁਨਰਾਂ ਨਾਲ ਲੈਸ ਕਰਨਾ ਹੈ। ਇਹ ਫ਼ੈਸਲਾ ਪੰਜਾਬ ਵਿੱਚ ਚੱਲ ਰਹੇ ਸਿੱਖਿਆ ਸੁਧਾਰਾਂ ਦਾ ਇੱਕ ਮਹੱਤਵਪੂਰਨ ਮੀਲ ਪੱਥਰ ਮੰਨਿਆ ਜਾ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ ਅਤੇ ਹਾਲ ਹੀ ਵਿੱਚ ਰਾਸ਼ਟਰੀ ਸਿੱਖਿਆ ਸੂਚਕਾਂਕ (National Education Index) ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ, ਵਿਦਿਆਰਥੀਆਂ ਅਤੇ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਲਗਾਤਾਰ ਯਤਨਾਂ ਨੂੰ ਦਿੱਤਾ।
ਸਮਾਗਮ ਦੇ ਮੁੱਖ ਮਹਿਮਾਨ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਆਉਣ ਵਾਲੇ ਸਮੇਂ ਵਿੱਚ ਨਵੀਆਂ ਰੁਜ਼ਗਾਰ ਸੰਭਾਵਨਾਵਾਂ ਪੈਦਾ ਕਰੇਗੀ ਅਤੇ ਰਵਾਇਤੀ ਨੌਕਰੀਆਂ ਦੇ ਸਰੂਪ ਨੂੰ ਵੀ ਬਦਲੇਗੀ। ਇਸ ਲਈ ਵਿਦਿਆਰਥੀਆਂ ਲਈ ਆਧੁਨਿਕ ਤਕਨੀਕੀ ਹੁਨਰ ਸਿੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਹੋ ਸਕਣ।
ਲੁਧਿਆਣਾ ਵਿੱਚ ਕਰਵਾਏ ਗਏ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਦੌਰਾਨ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਪਿਛਲੇ ਇੱਕ ਸਾਲ ਤੋਂ ਸਕੂਲਾਂ ਵਿੱਚ AI ਸਿੱਖਿਆ ਲਾਗੂ ਕਰਨ ਦੀ ਤਿਆਰੀ ਕਰ ਰਹੀ ਸੀ। ਇਸ ਸਮਾਗਮ ਵਿੱਚ ਸਿੱਖਿਆ ਸਕੱਤਰ ਸੋਨਾਲੀ ਗਿਰੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਰਡ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਸਰਕਾਰੀ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਪਾਠਕ੍ਰਮ ਅਤੇ ਪੜ੍ਹਾਉਣ ਦੇ ਤਰੀਕਿਆਂ ਬਾਰੇ ਉਨ੍ਹਾਂ ਦੀ ਰਾਇ ਜਾਣੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਮਿਲਣ ਵਾਲੇ ਸੁਝਾਵਾਂ ਨੂੰ ਭਵਿੱਖ ਦੀਆਂ ਸਿੱਖਿਆ ਨੀਤੀਆਂ ਬਣਾਉਣ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਨਵੀਂ ਪੀੜ੍ਹੀ ਨੂੰ ਦੇਸ਼ ਦਾ ਸਮਰੱਥ ਅਤੇ ਯੋਗ ਭਵਿੱਖੀ ਨੇਤ੍ਰਿਤਵ ਬਣਾਇਆ ਜਾ ਸਕੇ।
