Home ਪੰਜਾਬ ਪ੍ਰਕਾਸ਼ ਪੁਰਬ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦਾ ਸੈਲਾਬ

ਪ੍ਰਕਾਸ਼ ਪੁਰਬ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦਾ ਸੈਲਾਬ

Thousands of devotees gathered at Sri Harmandir Sahib to celebrate the Prakash Purab of Sri Guru Har Krishan Sahib Ji with devotion and prayers.

0

ਅੰਮ੍ਰਿਤਸਰ, 7 ਅਗਸਤ, 2026 (ਰਾਜੇਸ਼ ਕੁਮਾਰ) : ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ। ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੀਆਂ। ਸ਼ਰਧਾਲੂਆਂ ਨੇ ਅੰਮ੍ਰਿਤ ਵੇਲੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰਪੁਰਬ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਹੌਲ ਪੂਰੀ ਤਰ੍ਹਾਂ ਭਗਤੀ ਅਤੇ ਸ਼ਰਧਾ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਛੋਟੀ ਉਮਰ ਵਿੱਚ ਹੀ ਸੇਵਾ, ਦਇਆ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦੀ ਅਪੀਲ ਕੀਤੀ। ਗੁਰਪੁਰਬ ਦੇ ਸਬੰਧ ਵਿੱਚ ਰਾਤ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ਼ਾਨਦਾਰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ ਅਤੇ ਵਿਸ਼ੇਸ਼ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਰੌਸ਼ਨੀਆਂ ਨਾਲ ਜਗਮਗਾਉਂਦਾ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।

 

Exit mobile version