Home ਹਰਿਆਣਾ ਸੰਵਿਧਾਨ ਦਿਵਸ ਮੌਕੇ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ...

ਸੰਵਿਧਾਨ ਦਿਵਸ ਮੌਕੇ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

Haryana Assembly celebrates Constitution Day with a special programme highlighting democratic values, constitutional duties and public participation.

0

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਸੰਵਿਧਾਨ ‘ਤੇ ਫੁੱਲ ਭੇਟ ਕਰਕੇ ਕੀਤਾ ਨਮਨ

ਚੰਡੀਗੜ੍ਹ, 27 ਨਵੰਬਰ 2026 (ਸੰਜੀਵ ਸ਼ਰਮਾ): ਸੰਵਿਧਾਨ ਦਿਵਸ ਦੇ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਪੰਦਰਵਾੜੇ ਤਹਿਤ ਸੰਵਿਧਾਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਸਮੇਤ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਮਹੀਪਾਲ ਢਾਂਡਾ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਕਈ ਮੰਤਰੀ, ਵਿਧਾਇਕ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਦਿਨੇਸ਼ ਕੁਮਾਰ ਹਾਜ਼ਰ ਰਹੇ।

ਵਿਧਾਨ ਸਭਾ ਦੇ ਸੇਰੇਮੋਨੀਅਲ ਗੇਟ ਦੇ ਨੇੜੇ ਲਾਇਬ੍ਰੇਰੀ ਕੰਪਲੈਕਸ ਵਿੱਚ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਭਾਰਤੀ ਸੰਵਿਧਾਨ ਨੂੰ ਫੁੱਲ ਭੇਟ ਕਰਕੇ ਨਮਨ ਕਰਨ ਨਾਲ ਹੋਈ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਸੰਵਿਧਾਨ ਦੀ ਮਹੱਤਤਾ, ਇਸ ਦੀ ਮੂਲ ਭਾਵਨਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਆਧਾਰਿਤ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਸਮਾਗਮ ਦਾ ਮੁੱਖ ਵਿਸ਼ਾ ‘ਹਰਿਆਣਾ ਦੇ 60 ਸਾਲਾਂ ਦੀ ਸ਼ਾਨਦਾਰ ਵਿਕਾਸ ਯਾਤਰਾ ਅਤੇ ਵਿਕਸਤ ਹਰਿਆਣਾ ਦੇ ਟੀਚੇ ਦੀ ਪ੍ਰਾਪਤੀ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਨਾਗਰਿਕਾਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਜਨਪ੍ਰਤੀਨਿਧੀਆਂ ਦੀ ਭੂਮਿਕਾ’ ਰਿਹਾ। ਸਮਾਗਮ ਦੇ ਅੰਤ ਵਿੱਚ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕੀਤਾ, ਜਿਸ ਨੂੰ ਮੁੱਖ ਮੰਤਰੀ ਸਮੇਤ ਸਾਰੇ ਹਾਜ਼ਰ ਜਨਪ੍ਰਤੀਨਿਧੀਆਂ ਅਤੇ ਪਤਵੰਤੇ ਮਹਿਮਾਨਾਂ ਨੇ ਦੁਹਰਾਇਆ। ਇਸ ਮੌਕੇ ਸਾਰਿਆਂ ਨੇ ਸੰਵਿਧਾਨ ਦੇ ਆਦਰਸ਼ਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਗਰਿਕ ਫਰਜ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਮੌਲਿਕ ਅਧਿਕਾਰਾਂ ਦੇ ਨਾਲ ਮੌਲਿਕ ਫਰਜ਼ਾਂ ਪ੍ਰਤੀ ਜਾਗਰੂਕਤਾ ਵਧਾਉਣਾ ਵੀ ਜਨਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ : ਪ੍ਰੋ. ਡਾ. ਦਿਨੇਸ਼ ਕੁਮਾਰ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਦਿਨੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਜੀਵੰਤ ਦਸਤਾਵੇਜ਼ ਹੈ, ਜੋ ਸਮੇਂ ਦੇ ਨਾਲ ਦੇਸ਼ ਦੀ ਲੋਕਤੰਤਰੀ ਵਿਵਸਥਾ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਦਿਸ਼ਾ ਪ੍ਰਦਾਨ ਕਰਦਾ ਹੈ। ਜਨਪ੍ਰਤੀਨਿਧੀਆਂ ਨੇ ਪਿਛਲੇ ਸਾਲਾਂ ਦੌਰਾਨ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹੁਣ ਲੋੜ ਹੈ ਕਿ ਨਾਗਰਿਕਾਂ ਨੂੰ ਉਨ੍ਹਾਂ ਦੇ ਮੌਲਿਕ ਫਰਜ਼ਾਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਜਾਇਦਾਦ ਦੀ ਰੱਖਿਆ ਕਰਨਾ, ਹਿੰਸਾ ਨੂੰ ਉਤਸ਼ਾਹਿਤ ਨਾ ਕਰਨਾ, ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨਾ ਅਤੇ ਵਾਤਾਵਰਣ, ਜੰਗਲਾਂ ਤੇ ਜੰਗਲੀ ਜੀਵਾਂ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਫਰਜ਼ ਹੈ। ਨੀਤੀਆਂ ਅਤੇ ਵਿਚਾਰਾਂ ਦਾ ਵਿਰੋਧ ਕਰਨਾ ਲੋਕਤੰਤਰੀ ਅਧਿਕਾਰ ਹੈ, ਪਰ ਵਿਰੋਧ ਦੇ ਨਾਂ ‘ਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਵਿਰੁੱਧ ਗਤੀਵਿਧੀਆਂ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਮਨੁੱਖਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਧਰਮ, ਭਾਸ਼ਾ, ਖੇਤਰ ਅਤੇ ਹੋਰ ਵਖਰੇਵਿਆਂ ਦੇ ਆਧਾਰ ‘ਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਨਪ੍ਰਤੀਨਿਧੀਆਂ ਨੂੰ ਇਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਨਾਗਰਿਕ ਫਰਜ਼ਾਂ ਬਾਰੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ।

Exit mobile version