ਫ਼ਤਿਹਗੜ੍ਹ ਸਾਹਿਬ, 3 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਸਮਰਪਿਤ ਗੋਸ਼ਟੀ ਅਤੇ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਕੀਤੀ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਬੁਲਾਰਿਆਂ ਵਜੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪ੍ਰੋ. ਪਰਮਵੀਰ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਨੇ ਸ਼ਿਰਕਤ ਕੀਤੀ। ਪੁਸਤਕ ਦੇ ਲੇਖਕ ਗੁਰਜੰਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ 1984 ਦੀਆਂ ਘਟਨਾਵਾਂ ਬਾਰੇ ਜਾਣੂ ਕਰਵਾਇਆ। ਲੇਖਕ ਗੁਰਜੰਟ ਸਿੰਘ ਨੇ ਆਪਣੀ ਪੁਸਤਕ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਨਸਲਕੁਸ਼ੀ ਨਾਲ ਸਬੰਧਿਤ ਅੰਕੜੇ ਇਕੱਤਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਕੇਵਲ ਦਿੱਲੀ ਤੱਕ ਸੀਮਿਤ ਨਹੀਂ ਸੀ, ਸਗੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪ੍ਰੋ. ਗੁਰਮੁੱਖ ਸਿੰਘ ਨੇ ਅਜਿਹੀਆਂ ਘਟਨਾਵਾਂ ਬਾਰੇ ਚੁੱਪ ਧਾਰਨ ਦੀ ਥਾਂ ਵਿਆਪਕ ਸੰਵਾਦ ਦੀ ਲੋੜ ਉੱਤੇ ਜ਼ੋਰ ਦਿੱਤਾ ਅਤੇ ਔਰਤਾਂ ਉੱਤੇ ਹੋਏ ਅੱਤਿਆਚਾਰਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਪ੍ਰੋ. ਪਰਮਵੀਰ ਸਿੰਘ ਨੇ 1984 ਦੇ ਦੁਖਾਂਤ ਅਤੇ ਉੱਤਰਾਖੰਡ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖਾਂ ਉੱਤੇ ਹੋਏ ਜ਼ੁਲਮਾਂ ਬਾਰੇ ਵਿਚਾਰ ਸਾਂਝੇ ਕੀਤੇ। ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਕਿਹਾ ਕਿ 1984 ਦੇ ਚਸ਼ਮਦੀਦ ਗਵਾਹਾਂ ਦੀਆਂ ਗਵਾਹੀਆਂ ਨੂੰ ਰਿਕਾਰਡ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਦਹਾਕਿਆਂ ਬਾਅਦ ਵੀ ਸਿੱਖ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਸ ਉਪਰੰਤ ਗੁਰਜੰਟ ਸਿੰਘ ਦੀ ਪੁਸਤਕ ‘ਸਿੱਖ-ਨਸਲਕੁਸ਼ੀ ਦਾ ਖੁਰਾ-ਖੋਜ’ ਲੋਕ ਅਰਪਣ ਕੀਤੀ ਗਈ। ਅੰਤ ਵਿੱਚ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਹਰਪ੍ਰੀਤ ਕੌਰ ਨੇ ਕੀਤਾ। ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 1984 ਦੀ ਸਿੱਖ ਨਸਲਕੁਸ਼ੀ ਨੂੰ ਸਮਰਪਿਤ ਗੋਸ਼ਟੀ ਅਤੇ ਪੁਸਤਕ ਲੋਕ ਅਰਪਣ
Sri Guru Granth Sahib World University hosts a symposium and book launch commemorating the 1984 Sikh Genocide, highlighting its history, remembrance and legacy.
