ਚੰਡੀਗੜ੍ਹ, 18 ਨਵੰਬਰ, 2026 (ਕਾਜਲ) : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਨੇ ਧਾਰਮਿਕ, ਅਧਿਆਤਮਕ ਅਤੇ ਸੱਭਿਆਚਾਰਕ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਅਨੁਸਾਰ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ 4 ਵੱਖ-ਵੱਖ ਸਥਾਨਾਂ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ, ਜੋ ਖੁਰਾਲਗੜ੍ਹ ਸਾਹਿਬ ਪਹੁੰਚ ਕੇ ਸੰਪੰਨ ਹੋਣਗੀਆਂ। ਇਨ੍ਹਾਂ ਯਾਤਰਾਵਾਂ ਦਾ ਮਕਸਦ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
ਅਖੰਡ ਪਾਠ ਸਾਹਿਬ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ
4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਉਜਾਗਰ ਕਰਨ ਲਈ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸੰਤ ਸੰਮੇਲਨ, ਧਾਰਮਿਕ ਵਿਚਾਰ-ਚਰਚਾ, ਕਥਾ ਅਤੇ ਕੀਰਤਨ ਦਰਬਾਰ ਵਰਗੇ ਪ੍ਰੋਗਰਾਮ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣਨਗੇ। ਸਮਾਗਮਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। 5 ਦਸੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਗੁਰੂ ਰਵਿਦਾਸ ਜੀ ਦੀ ਬਾਣੀ, ਉਨ੍ਹਾਂ ਦੇ ਅਧਿਆਤਮਕ ਫਲਸਫੇ ਅਤੇ ਸਮਾਜਿਕ ਸੁਧਾਰਾਂ ਸਬੰਧੀ ਵਿਸ਼ੇਸ਼ ਕਾਨਫਰੰਸ ਕਰਵਾਈ ਜਾਵੇਗੀ। ਕਥਾ ਅਤੇ ਕੀਰਤਨ ਦਰਬਾਰ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ। 6 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।
13 ਹਜ਼ਾਰ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ ਗੁਰੂ ਸਾਹਿਬ ਦਾ ਸੰਦੇਸ਼
ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਿਰਫ਼ ਤਿੰਨ ਦਿਨਾਂ ਦੇ ਸਮਾਗਮਾਂ ਤੱਕ ਸੀਮਤ ਨਾ ਰੱਖਦਿਆਂ ਪੂਰੇ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਯੋਜਨਾ ਵੀ ਬਣਾਈ ਗਈ ਹੈ। ਇਸ ਤਹਿਤ ਸੈਮੀਨਾਰ, ਵਰਕਸ਼ਾਪਾਂ, ਕੀਰਤਨ ਸਮਾਗਮ ਅਤੇ ਸਕੂਲ ਪੱਧਰ ’ਤੇ ਵਿਦਿਅਕ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ। ਇਸ ਮੁਹਿੰਮ ਦਾ ਇੱਕ ਵਿਸ਼ੇਸ਼ ਪਹਿਲੂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦਸਤਾਵੇਜ਼ੀ ਫ਼ਿਲਮਾਂ ਦਿਖਾਉਣਾ ਹੋਵੇਗਾ। ਇਸ ਤੋਂ ਇਲਾਵਾ ਮੈਰਾਥਨ, ਖੂਨਦਾਨ ਕੈਂਪ, ਬੂਟੇ ਲਗਾਉਣ ਦੀਆਂ ਮੁਹਿੰਮਾਂ ਅਤੇ ਡਰੋਨ ਸ਼ੋਅ ਵੀ ਯੋਜਨਾ ਦਾ ਹਿੱਸਾ ਹੋਣਗੇ।
ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦਾ ਸੰਦੇਸ਼ ਬਣੇਗਾ ਸਮਾਗਮਾਂ ਦਾ ਕੇਂਦਰ
ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਮਨੁੱਖੀ ਬਰਾਬਰੀ, ਆਪਸੀ ਸਤਿਕਾਰ, ਭਾਈਚਾਰੇ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੰਦੀ ਹੈ। ਇਸੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਰਕਾਰ ਵੱਲੋਂ ਪੂਰੀ ਤਨਦੇਹੀ ਨਾਲ ਪ੍ਰਬੰਧ ਕੀਤੇ ਜਾਣਗੇ। ਸਰਕਾਰ ਦਾ ਯਤਨ ਹੈ ਕਿ ਇਸ ਇਤਿਹਾਸਕ ਮੌਕੇ ਨੂੰ ਧਾਰਮਿਕ ਸ਼ਰਧਾ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਦੇ ਪ੍ਰਚਾਰ ਦਾ ਵੱਡਾ ਮੰਚ ਬਣਾਇਆ ਜਾਵੇ।
