Home ਪਟਿਆਲਾ ਅਪਡੇਟ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਘਨੌਰ ਵਿਖੇ ‘ਨੌਜਵਾਨ ਚੇਤਨਾ ਬੈਠਕ’...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਘਨੌਰ ਵਿਖੇ ‘ਨੌਜਵਾਨ ਚੇਤਨਾ ਬੈਠਕ’ ਕਰਵਾਈ

0
ਪ੍ਰਸਿੱਧ ਕਲਾਕਾਰ ਰਾਣਾ ਰਣਬੀਰ ਨੇ ਨੌਜਵਾਨਾਂ ਨਾਲ ਕੀਤਾ ਸੰਵਾਦ, ਨਸ਼ਿਆਂ, ਨਿਰਾਸ਼ਾ ਤੇ ਪਰਵਾਸ ਦੀਆਂ ਚੁਣੌਤੀਆਂ ਬਾਰੇ ਕੀਤਾ ਜਾਗਰੂਕ
ਘਨੌਰ, ਪਟਿਆਲਾ, 5 ਨਵੰਬਰ(ਛਤਰਪਾਲ ਸਿੰਘ):ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਘਨੌਰ ਦੇ ਪੰਜਾਬੀ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ’ਤੇ ‘ਨੌਜਵਾਨ ਚੇਤਨਾ ਬੈਠਕ’ ਕਰਵਾਈ ਗਈ। ਇਸ ਮੌਕੇ ਪ੍ਰਸਿੱਧ ਕਲਾਕਾਰ, ਰੰਗਕਰਮੀ ਅਤੇ ਲੇਖਕ ਰਾਣਾ ਰਣਬੀਰ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਨਸ਼ਿਆਂ, ਨਿਰਾਸ਼ਾ ਅਤੇ ਪਰਵਾਸ ਵਰਗੀਆਂ ਸਮਾਜਿਕ ਚੁਣੌਤੀਆਂ ਦੇ ਦੌਰ ਵਿੱਚ ਨੌਜਵਾਨਾਂ ਨੂੰ ਸਹੀ ਦਿਸ਼ਾ ਅਪਣਾਉਣ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਰਾਣਾ ਰਣਬੀਰ ਨੇ ਕਿਹਾ ਕਿ ਨੌਜਵਾਨਾਂ ਨੂੰ ਜੀਵਨ ਵਿੱਚ ਚੜ੍ਹਦੀਕਲਾ ਦਾ ਜਜ਼ਬਾ ਕਾਇਮ ਰੱਖਣ ਲਈ ਕਿਰਤ, ਗਿਆਨ ਅਤੇ ਕਿਤਾਬਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸੋਚ ਅਤੇ ਜੀਵਨ ਵਿੱਚ ਉਸਾਰੂ ਤਬਦੀਲੀ ਲਿਆਉਣ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਨੂੰ ਪਰਿਵਾਰ ਅਤੇ ਸਮਾਜ ਵਿੱਚ ਔਰਤਾਂ ਦੇ ਸਤਿਕਾਰ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਰਾਣਾ ਰਣਬੀਰ ਨੂੰ ਲੋਕਾਂ ਦਾ ਕਲਾਕਾਰ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਸੰਵਾਦ ਨੌਜਵਾਨਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਸੋਚ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਕਰਦਿਆਂ ਡਾ. ਰਵਿੰਦਰ ਘੁੰਮਣ ਨੇ ਨੌਜਵਾਨਾਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਗੁਰੂ ਨਾਨਕ ਦੇਵ ਜੀ, ਬੁੱਲ੍ਹੇ ਸ਼ਾਹ, ਬਾਬਾ ਫ਼ਰੀਦ ਅਤੇ ਭਗਤ ਕਬੀਰ ਦੀ ਅਮੀਰ ਸ਼ਬਦ ਪਰੰਪਰਾ ਨਾਲ ਜੁੜਨ ਦੀ ਲੋੜ ’ਤੇ ਜ਼ੋਰ ਦਿੱਤਾ।

Exit mobile version