ਪਟਿਆਲਾ, 27 ਜੁਲਾਈ: (ਬਲਜੀਤ ਸਰਨਾ): ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਨੇ ਪਟਿਆਲਾ ਦੇ ਅਨਾਰਦਾਨਾ ਚੌਂਕ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸੁਰਜੀਤ ਸਿੰਘ ਰੱਖੜਾ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਨਾਭਾ ਤੋਂ ਵਿਧਾਇਕ ਦੇਵ ਮਾਨ, ਸਨੌਰ ਹਲਕੇ ਦੇ ਆਗੂ ਬਰਜਿੰਦਰ ਸਿੰਘ ਢਿੱਲੋਂ ਸਮੇਤ ਪਟਿਆਲਾ ਜ਼ਿਲ੍ਹੇ ਦੇ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਰਹੇ।
ਇਸ ਦੌਰਾਨ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਦੇਸ਼ ਦੇ ਨੌਜਵਾਨਾਂ ਦੀ ਜਿੱਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਦੀ ਰਹੀ, ਪਰ ਨੌਜਵਾਨਾਂ ਦੇ ਸੰਘਰਸ਼ ਨੇ ਸਰਕਾਰ ਨੂੰ ਫ਼ੈਸਲਾ ਲੈਣ ਲਈ ਮਜਬੂਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨਾਲ ਨੌਜਵਾਨਾਂ ਦੇ ਸੰਘਰਸ਼ ਨੂੰ ਵੱਡੀ ਜਿੱਤ ਮਿਲੀ ਹੈ ਅਤੇ ਪਾਰਟੀ ਵਰਕਰਾਂ ਵੱਲੋਂ ਇਸ ਮੌਕੇ ਨੂੰ ਖੁਸ਼ੀ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।
