100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਭੋਂਡਸੀ ਜੇਲ੍ਹ ’ਚ ਬੰਦ ਹਨ ਸੰਜੀਵ ਅਰੋੜਾ, ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਨੇ ਮੁੜ ਜਤਾਇਆ ਭਰੋਸਾ
ਚੰਡੀਗੜ੍ਹ, 31 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਪਹਿਲੀ ਸੂਚੀ ਜਾਰੀ ਕਰਦਿਆਂ ਇੱਕ ਅਹਿਮ ਸਿਆਸੀ ਫੈਸਲਾ ਲਿਆ ਹੈ। ਪਾਰਟੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ ਕੁੱਲ 40 ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਸੰਜੀਵ ਅਰੋੜਾ ਇਸ ਸਮੇਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਭੋਂਡਸੀ ਜੇਲ੍ਹ ਵਿੱਚ ਬੰਦ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਖ਼ਿਲਾਫ਼ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਫਰਜ਼ੀ ਜੀਐੱਸਟੀ ਲੈਣ-ਦੇਣ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਅਕਤੂਬਰ 2026 ਨੂੰ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਚੱਲ ਰਹੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਕਾਰੋਬਾਰੀ ਤੋਂ ਰਾਜ ਸਭਾ ਮੈਂਬਰ ਅਤੇ ਕੈਬਨਿਟ ਮੰਤਰੀ ਤੱਕ ਦਾ ਸਫ਼ਰ
18 ਸਤੰਬਰ 1963 ਨੂੰ ਲੁਧਿਆਣਾ ਵਿੱਚ ਜਨਮੇ ਸੰਜੀਵ ਅਰੋੜਾ ਇੱਕ ਉਦਯੋਗਪਤੀ ਹਨ। ਉਨ੍ਹਾਂ ਨੇ ਸਾਲ 2022 ਵਿੱਚ ਆਮ ਆਦਮੀ ਪਾਰਟੀ ਰਾਹੀਂ ਸਰਗਰਮ ਸਿਆਸਤ ਵਿੱਚ ਕਦਮ ਰੱਖਿਆ ਸੀ। ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਸੀ। ਉਨ੍ਹਾਂ ਨੇ ਬੈਚਲਰ ਆਫ਼ ਕਾਮਰਸ ਦੀ ਡਿਗਰੀ ਹਾਸਲ ਕੀਤੀ ਹੈ ਅਤੇ ਉਦਯੋਗ, ਰੀਅਲ ਅਸਟੇਟ ਤੇ ਵਿੱਤੀ ਖੇਤਰ ਵਿੱਚ ਕਾਰੋਬਾਰੀ ਦਿਲਚਸਪੀ ਰੱਖਦੇ ਰਹੇ ਹਨ। ਉਹ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਨਾਲ ਵੀ ਜੁੜੇ ਰਹੇ ਹਨ।
ਸਾਲ 2025 ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਦਾਖ਼ਲ ਕੀਤੇ ਗਏ ਚੋਣ ਹਲਫ਼ਨਾਮੇ ਮੁਤਾਬਕ, ਅਰੋੜਾ ਨੇ ਆਪਣੀ ਨਿੱਜੀ ਜਾਇਦਾਦ ਲਗਭਗ 278 ਕਰੋੜ ਰੁਪਏ ਐਲਾਨੀ ਸੀ। ਉਨ੍ਹਾਂ ਦੀ ਪਤਨੀ ਦੀ ਜਾਇਦਾਦ ਨੂੰ ਮਿਲਾ ਕੇ ਪਰਿਵਾਰ ਦੀ ਕੁੱਲ ਐਲਾਨੀ ਜਾਇਦਾਦ 302 ਕਰੋੜ ਰੁਪਏ ਤੋਂ ਵੱਧ ਸੀ। ਰਾਜ ਸਭਾ ਮੈਂਬਰ ਵਜੋਂ ਅਪ੍ਰੈਲ 2022 ਤੋਂ ਜੁਲਾਈ 2025 ਤੱਕ ਉਨ੍ਹਾਂ ਨੇ ਸਿਹਤ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮੁੱਦਿਆਂ ’ਤੇ ਕੰਮ ਕੀਤਾ। ਲੁਧਿਆਣਾ ਵਿੱਚ ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਦੇ ਅਪਗ੍ਰੇਡੇਸ਼ਨ ਸਬੰਧੀ ਪਹਿਲਕਦਮੀਆਂ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਰਹੀ। ਇਸ ਤੋਂ ਇਲਾਵਾ ਉਹ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਸਥਾਪਿਤ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਰਾਹੀਂ ਕੈਂਸਰ ਦੇ ਮਰੀਜ਼ਾਂ ਦੀ ਮਦਦ ਵੀ ਕਰਦੇ ਰਹੇ ਹਨ।
ਜ਼ਿਮਨੀ ਚੋਣ ਜਿੱਤ ਕੇ ਬਣੇ ਸਨ ਕੈਬਨਿਟ ਮੰਤਰੀ
ਸੰਜੀਵ ਅਰੋੜਾ ਨੇ ਫਰਵਰੀ 2025 ਵਿੱਚ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਦੋਂ ਉਨ੍ਹਾਂ ਦੇ ਕਾਰਜਕਾਲ ਦੇ ਤਿੰਨ ਸਾਲ ਤੋਂ ਵੱਧ ਸਮੇਂ ਬਾਕੀ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲੜੀ ਸੀ। ਇਹ ਸੀਟ ਜਨਵਰੀ 2025 ਵਿੱਚ ਮੌਜੂਦਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦੇਹਾਂਤ ਕਾਰਨ ਖਾਲੀ ਹੋਈ ਸੀ। ਜੂਨ 2025 ਵਿੱਚ ਹੋਈ ਜ਼ਿਮਨੀ ਚੋਣ ਦੌਰਾਨ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਜਿੱਤ ਨਾਲ ਉਹ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਉਨ੍ਹਾਂ ਨੂੰ ਸ਼ਾਮਲ ਕੀਤਾ ਗਿਆ। ਸ਼ੁਰੂਆਤ ਵਿੱਚ ਉਨ੍ਹਾਂ ਨੂੰ ਉਦਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਨਾਲ ਸਬੰਧਤ ਵਿਭਾਗ ਦਿੱਤੇ ਗਏ ਸਨ। ਬਾਅਦ ਵਿੱਚ ਬਿਜਲੀ ਵਿਭਾਗ ਅਤੇ ਜਨਵਰੀ 2026 ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।
100 ਕਰੋੜ ਤੋਂ ਵੱਧ ਦੇ ਕਥਿਤ ਜੀਐੱਸਟੀ ਘਪਲੇ ਦੀ ਜਾਂਚ
ਈਡੀ ਨੇ 9 ਮਈ 2026 ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਏਜੰਸੀ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਕਈ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜਾਂਚ ਦਾ ਸਬੰਧ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਨਾਲ ਜੁੜੇ ਮੋਬਾਈਲ ਫੋਨਾਂ ਦੇ ਕਥਿਤ ਨਿਰਯਾਤ ਲੈਣ-ਦੇਣ ਨਾਲ ਹੈ। ਈਡੀ ਦੇ ਦੋਸ਼ਾਂ ਮੁਤਾਬਕ, ਸ਼ੈੱਲ ਕੰਪਨੀਆਂ ਰਾਹੀਂ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਫਰਜ਼ੀ ਜੀਐੱਸਟੀ ਬਿੱਲ ਤਿਆਰ ਕੀਤੇ ਗਏ ਸਨ, ਤਾਂ ਜੋ ਇਨਪੁੱਟ ਟੈਕਸ ਕ੍ਰੈਡਿਟ (ITC) ਦਾ ਲਾਭ ਲਿਆ ਜਾ ਸਕੇ। ਏਜੰਸੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਐਪਲ ਅਤੇ ਸੈਮਸੰਗ ਦੇ ਮੋਬਾਈਲ ਫੋਨਾਂ ਦੀ ਸੰਯੁਕਤ ਅਰਬ ਅਮੀਰਾਤ (UAE) ਦੇ ਖਰੀਦਦਾਰਾਂ ਨੂੰ ਕੀਤੀ ਗਈ ਸਪਲਾਈ ਦੀ ਜਾਂਚ ਕੀਤੀ ਜਾ ਰਹੀ ਹੈ। ਮਈ ਤੋਂ ਅਕਤੂਬਰ 2023 ਦਰਮਿਆਨ 43 ਖੇਪਾਂ ਰਾਹੀਂ ਲਗਭਗ 102.50 ਕਰੋੜ ਰੁਪਏ ਦੇ ਲੈਣ-ਦੇਣ ਹੋਣ ਦੀ ਗੱਲ ਸਾਹਮਣੇ ਆਈ ਹੈ। ਜਾਂਚ ਏਜੰਸੀ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਕੁਝ ਰਕਮ ਦੁਬਈ ਰਾਹੀਂ ਭੇਜੀ ਗਈ ਅਤੇ ਬਾਅਦ ਵਿੱਚ ਭਾਰਤ ਵਾਪਸ ਲਿਆਂਦੀ ਗਈ। ਇਸ ਮਾਮਲੇ ਵਿੱਚ ਈਡੀ ਨੇ ਜੂਨ 2026 ਵਿੱਚ ਲਗਭਗ 55.57 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਸਨ।ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਗ੍ਰਿਫ਼ਤਾਰੀ ਦੀ ਕਾਨੂੰਨੀ ਪ੍ਰਕਿਰਿਆ ਅਤੇ ਇਸ ਨਾਲ ਜੁੜੀਆਂ ਕਾਰਵਾਈਆਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਗ੍ਰਿਫ਼ਤਾਰੀ ਦੌਰਾਨ ਕਾਨੂੰਨੀ ਸੁਰੱਖਿਆ ਪ੍ਰਬੰਧਾਂ ਅਤੇ ਮੌਲਿਕ ਅਧਿਕਾਰਾਂ ਦੀ ਪਾਲਣਾ ਨਹੀਂ ਕੀਤੀ ਗਈ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਅਕਤੂਬਰ ਨੂੰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ। ਇਸ ਮਾਮਲੇ ਵਿੱਚ ਲੱਗੇ ਦੋਸ਼ ਅਜੇ ਅਦਾਲਤੀ ਸੁਣਵਾਈ ਦੌਰਾਨ ਸਾਬਤ ਹੋਣੇ ਬਾਕੀ ਹਨ।
‘ਆਪ’ ਨੇ ਸਿਆਸੀ ਭਰੋਸਾ ਰੱਖਿਆ ਕਾਇਮ
ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਥਾਂ ਕਿਸੇ ਹੋਰ ਉਮੀਦਵਾਰ ਨੂੰ ਲਿਆਉਣ ਦੇ ਸੰਕੇਤ ਨਹੀਂ ਦਿੱਤੇ ਗਏ ਸਨ। ਸਤੰਬਰ ਮਹੀਨੇ ਵਿੱਚ ਪਾਰਟੀ ਆਗੂਆਂ ਨੇ ਵੀ ਸੰਕੇਤ ਦਿੱਤਾ ਸੀ ਕਿ ਪਾਰਟੀ ਅਰੋੜਾ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਦਫ਼ਤਰੀ ਸਟਾਫ਼ ਹਲਕੇ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਹ ਖੁਦ ਚੋਣ ਲੜਨ ਦੇ ਯੋਗ ਨਾ ਹੋਏ ਤਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਸਮਰਥਨ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਪਰ ਹੁਣ ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਜੀਵ ਅਰੋੜਾ ਦਾ ਨਾਂਅ ਸ਼ਾਮਲ ਕਰਕੇ ਲੁਧਿਆਣਾ ਪੱਛਮੀ ਤੋਂ ਉਨ੍ਹਾਂ ਦੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੰਜੀਵ ਅਰੋੜਾ ਦੀ ਉਮੀਦਵਾਰੀ ਨਾਲ ਲੁਧਿਆਣਾ ਪੱਛਮੀ ਹਲਕਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਜੇਲ੍ਹ ਵਿੱਚ ਰਹਿੰਦਿਆਂ ਉਹ ਚੋਣ ਪ੍ਰਕਿਰਿਆ ਵਿੱਚ ਕਿਵੇਂ ਹਿੱਸਾ ਲੈਂਦੇ ਹਨ ਅਤੇ ਆਮ ਆਦਮੀ ਪਾਰਟੀ ਇਸ ਹਲਕੇ ਵਿੱਚ ਆਪਣੀ ਚੋਣ ਮੁਹਿੰਮ ਕਿਸ ਤਰ੍ਹਾਂ ਚਲਾਉਂਦੀ ਹੈ।






