ਨਵੀਂ ਦਿੱਲੀ, 19 ਅਗਸਤ 2026 (ਕਾਜਲ) : ਦਿੱਲੀ ਜਲ ਬੋਰਡ ਦੇ ਟੈਂਡਰ ਮਾਮਲੇ ਵਿੱਚ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਭਾਜਪਾ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਗਾਏ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੈਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੈਨ ਖ਼ਿਲਾਫ਼ ਪਹਿਲਾਂ ਦਰਜ ਕੀਤਾ ਗਿਆ ਮਾਮਲਾ ਵੀ ਝੂਠਾ ਸੀ ਅਤੇ ਨਵਾਂ ਮਾਮਲਾ ਵੀ ਸੱਚ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹ ਭੇਜ ਕੇ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਜੈਨ ਦੀ ਗ੍ਰਿਫ਼ਤਾਰੀ ਭਾਜਪਾ ਦੀ ਘਬਰਾਹਟ ਨੂੰ ਦਰਸਾਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੈਨ ਪਹਿਲਾਂ ਵੀ ਲੰਬਾ ਸਮਾਂ ਜੇਲ੍ਹ ਵਿੱਚ ਰਹਿ ਚੁੱਕੇ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਗ੍ਰਿਫ਼ਤਾਰੀ ਨੂੰ ਪੰਜਾਬ ਚੋਣਾਂ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ‘ਆਪ’ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ‘ਆਪ’ ਆਗੂ ਸੌਰਭ ਭਾਰਦਵਾਜ, ਆਤਿਸ਼ੀ ਅਤੇ ਅਨੁਰਾਗ ਧਾਂਡਾ ਨੇ ਵੀ ਭਾਜਪਾ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਗਾਏ। ਧਾਂਡਾ ਨੇ ਸਵਾਲ ਕੀਤਾ ਕਿ ਜਦੋਂ ਸਬੰਧਤ ਟੈਂਡਰ ਜਾਰੀ ਹੋਇਆ ਸੀ, ਉਸ ਸਮੇਂ ਸਤੇਂਦਰ ਜੈਨ ਜੇਲ੍ਹ ਵਿੱਚ ਸਨ ਤਾਂ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਾਰਟੀ ਸਤੇਂਦਰ ਜੈਨ ਦੇ ਨਾਲ ਖੜ੍ਹੀ ਹੈ ਅਤੇ ਮਾਮਲੇ ਨੂੰ ਸਿਆਸੀ ਬਦਲਾਖੋਰੀ ਦਾ ਹਿੱਸਾ ਮੰਨਦੀ ਹੈ।






