ਮਿਸ਼ਨ ਕਲੀਨ ਪਟਿਆਲਾ’ ਤਹਿਤ ਪੀਆਰਟੀਸੀ ਪਰਿਵਾਰ ਦੀ ਸਰਗਰਮ ਭਾਗੀਦਾਰੀ
ਪਟਿਆਲਾ, 17 ਜੁਲਾਈ: 2026
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ ਵਿਖੇ ਕੀਤੀ ਸਫ਼ਾਈ ਮੁਹਿੰਮ ਵਿੱਚ ਪੀਆਰਟੀਸੀ ਪਰਿਵਾਰ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਇਸ ਲੋਕ-ਹਿੱਤਕਾਰੀ ਅਭਿਆਨ ਨੂੰ ਭਰਪੂਰ ਸਹਿਯੋਗ ਦਿੱਤਾ।
ਇਸ ਸਫ਼ਾਈ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ, ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਮੈਂਬਰ ਸਕੱਤਰ ਡਾ. ਲਵਨੀਤ ਦੁਬੇ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾ “ਮੇਰਾ ਪਟਿਆਲਾ ਮੈਂ ਹੀ ਸਵਾਰਾਂ” ਦੇ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਸਮੇਤ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਫ਼ਾਈ ਪ੍ਰਤੀ ਆਪਣੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤਿ ਜ਼ਰੂਰੀ ਕਾਰਨਾਂ ਕਰਕੇ ਇਸ ਮੁਹਿੰਮ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਵੱਲੋਂ ਆਪਣੇ ਪੁੱਤਰ ਯੁਵਰਾਜ ਜੁਨੇਜਾ ਨੂੰ ਵਿਸ਼ੇਸ਼ ਤੌਰ ‘ਤੇ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਨ ਲਈ ਭੇਜਿਆ ਗਿਆ। ਯੁਵਰਾਜ ਜੁਨੇਜਾ ਨੇ ਪੀਆਰਟੀਸੀ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਵਰਕਸ਼ਾਪ ਸਟਾਫ਼ ਨਾਲ ਮਿਲ ਕੇ ਇਸ ਲੋਕ-ਭਲਾਈ ਦੇ ਅਭਿਆਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਲੇ-ਦੁਆਲੇ ਦੇ ਖੇਤਰ ਦੀ ਸਫ਼ਾਈ ਕਰਕੇ ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਪੀਆਰਟੀਸੀ ਦੇ ਮੁੱਖ ਦਫ਼ਤਰ (ਵਰਕਸ਼ਾਪ), ਨਾਭਾ ਰੋਡ ਦੇ ਬਾਹਰ ਪੀਆਰਟੀਸੀ ਦੀ ਸਮੁੱਚੀ ਟੀਮ ਨੇ ਸਫ਼ਾਈ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਸਾਫ਼-ਸੁਥਰੇ, ਸੁੰਦਰ ਅਤੇ ਵਾਤਾਵਰਣ-ਅਨੁਕੂਲ ਪਟਿਆਲਾ ਬਣਾਉਣ ਲਈ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਸਾਫ਼-ਸੁਥਰਾ ਸ਼ਹਿਰ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਸਰਕਾਰੀ ਸੰਸਥਾਵਾਂ, ਸਮਾਜਿਕ ਸੰਗਠਨ, ਵਿਦਿਆਰਥੀ ਅਤੇ ਆਮ ਲੋਕ ਇਕਜੁੱਟ ਹੋ ਕੇ ਅਜਿਹੀਆਂ ਮੁਹਿੰਮਾਂ ਨਾਲ ਜੁੜਦੇ ਹਨ ਤਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਦੀ ਮਜ਼ਬੂਤ ਨੀਂਹ ਪੈਂਦੀ ਹੈ। ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਸਾਫ਼, ਸਿਹਤਮੰਦ ਅਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇ।”
ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਪਟਿਆਲਾ ਅਤੇ ਇਸ ਮੁਹਿੰਮ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੀਆਰਟੀਸੀ ਪਰਿਵਾਰ ਭਵਿੱਖ ਵਿੱਚ ਵੀ ਲੋਕ-ਹਿੱਤ, ਸਫ਼ਾਈ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ ਹਰ ਮੁਹਿੰਮ ਵਿੱਚ ਪੂਰੇ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਦਿੰਦਾ ਰਹੇਗਾ।







