ਪਟਿਆਲਾ, 17 ਜੁਲਾਈ, 2026 (ਦੀਪਕ ਦੱਤਾ): 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਅਨੁਪ੍ਰਿਤਾ ਜੌਹਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਨਾਲ ਜੁੜਿਆ ਰਾਸ਼ਟਰੀ ਪਵਿੱਤਰ ਦਿਹਾੜਾ ਹੈ। ਇਸ ਲਈ ਸਮਾਗਮ ਦੇ ਹਰ ਪ੍ਰਬੰਧ ਨੂੰ ਸੁਚਾਰੂ, ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਵੀ ਯਕੀਨੀ ਬਣਾਉਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਰਾਜਾ ਭਲਿੰਦਰਾ ਖੇਡ ਕੰਪਲੈਕਸ, ਪੋਲੋ ਗਰਾਊਂਡ, ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਰਿਹਰਸਲਾਂ ਸਮੇਂ ਸਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੌਂਪੇ ਗਏ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਆਈ.ਟੀ.ਬੀ.ਪੀ., ਐਨ.ਸੀ.ਸੀ., ਰੈੱਡ ਕਰਾਸ, ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਆਕਰਸ਼ਕ ਝਾਕੀਆਂ ਕੱਢੀਆਂ ਜਾਣਗੀਆਂ, ਜਦਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ, ਮੁਟਿਆਰਾਂ ਵੱਲੋਂ ਗਿੱਧਾ ਅਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ।
ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮਹਿੰਦਰਾ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਨੂੰ ਗਿੱਧਾ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਤਿਆਰ ਕਰਵਾਉਣ ਲਈ ਕਿਹਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰ ਅਤੇ ਸ਼ਾਨਦਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਉਨ੍ਹਾਂ ਦੇ ਨਾਲ ਐਸ ਡੀ ਐਮ, ਸਹਾਇਕ ਕਮਿਸ਼ਨਰ ਹਰਜੋਤ ਕੌਰ , ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ,ਸਿਵਿਲ ਸਰਜਨ ਸ਼ੈਲੀ ਜੇਟਲੀ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।