Home ਪਟਿਆਲਾ ਅਪਡੇਟ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

0

ਪਟਿਆਲਾ, 5 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਐੱਸ.ਡੀ.ਐੱਮ. ਦੁਧਨਸਾਧਾਂ ਹਰਜੋਤ ਕੌਰ ਮਾਵੀ ਵੱਲੋਂ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਸੀਂਘਣ, ਫਰੀਦਪੁਰ ਅਤੇ ਜਲਬੇੜਾ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਬਿਨਾਂ ਅੱਗ ਲਗਾਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨਾ ਸਾੜਨ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਪਿੰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਥਾਨਕ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਅਤੇ ਪਿੰਡ ਪੱਧਰੀ ਨੁਮਾਇੰਦਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ।

ਇਸੇ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸ੍ਰ ਸੰਗਰਾਮ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਹਰਪਾਲਪੁਰ ਅਤੇ ਕਲਿਆਣ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਬਦਲਵੇਂ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਸਭਾਵਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ, ਜਿਸ ਕਾਰਨ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

Exit mobile version