ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿੱਚ 10 ਅਗਸਤ ਤੱਕ ਚੱਲੇਗੀ ਭਰਤੀ; 12 ਹਜ਼ਾਰ ਤੋਂ ਵੱਧ ਉਮੀਦਵਾਰਾਂ ਦੇ ਪੁੱਜਣ ਦੀ ਸੰਭਾਵਨਾ
ਪਟਿਆਲਾ, 6 ਜੁਲਾਈ: (ਛਤਰਪਾਲ ਸਿੰਘ) : ਭਾਰਤੀ ਫੌਜ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਆਰਮੀ ਭਰਤੀ ਦਫ਼ਤਰ (ਏਆਰਓ) ਪਟਿਆਲਾ ਵੱਲੋਂ 30 ਜੁਲਾਈ ਤੋਂ 10 ਅਗਸਤ 2026 ਤੱਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਵਿੱਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਯੋਗ ਨੌਜਵਾਨ ਹਿੱਸਾ ਲੈ ਸਕਣਗੇ।
ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਆਰਮੀ ਭਰਤੀ ਦਫ਼ਤਰ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਰਤੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਆਰਮੀ ਭਰਤੀ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਰੈਲੀ ਵਿੱਚ ਕੇਵਲ ਉਹੀ ਉਮੀਦਵਾਰ ਹਿੱਸਾ ਲੈ ਸਕਣਗੇ, ਜਿਨ੍ਹਾਂ ਨੇ ਕਾਮਨ ਐਂਟਰੈਂਸ ਐਗਜ਼ਾਮ (CEE) ਪਾਸ ਕੀਤਾ ਹੋਵੇ। ਸੀਈਈ ਦਾ ਨਤੀਜਾ ਜਲਦ ਹੀ ਐਲਾਨਿਆ ਜਾਣਾ ਹੈ, ਜਿਸ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।
ਅਧਿਕਾਰੀਆਂ ਅਨੁਸਾਰ, ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਅਗਨੀਵੀਰ ਭਰਤੀ ਰੈਲੀਆਂ ਵਿੱਚੋਂ ਇੱਕ ਹੋਵੇਗੀ, ਜਿਸ ਵਿੱਚ 12 ਹਜ਼ਾਰ ਤੋਂ ਵੱਧ ਉਮੀਦਵਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਭਰਤੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰਨ ਲਈ ਸੁਰੱਖਿਆ, ਆਵਾਜਾਈ, ਮੈਡੀਕਲ ਅਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਰਤੀ ਰੈਲੀ ਦੌਰਾਨ ਭਾਰਤੀ ਫੌਜ ਨੂੰ ਹਰ ਸੰਭਵ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁਹੱਈਆ ਕਰਵਾਏਗਾ।
ਉਨ੍ਹਾਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਾਰੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ, ਨਿਰਧਾਰਤ ਸਮੇਂ ‘ਤੇ ਰਿਪੋਰਟ ਕਰਨ ਅਤੇ ਆਪਣੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਜ਼ਰੂਰ ਲੈ ਕੇ ਆਉਣ, ਤਾਂ ਜੋ ਭਰਤੀ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
