ਫ਼ਤਹਿਗੜ੍ਹ ਸਾਹਿਬ, 22 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਪੰਜਾਬ ਸਟੇਟ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਮਝੌਤਾ ਸਹੀਬੱਧ ਕਰਨ ਅਤੇ ਵਿਦਿਆਰਥੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪੰਜਾਬ ਸਟੇਟ ਰੈੱਡ ਕਰਾਸ ਦੇ ਮੁੱਖ ਕਾਰਜਕਾਰੀ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ (ਸੇਵਾਮੁਕਤ ਆਈ.ਏ.ਐੱਸ.) ਨੇ ਸਰੋਤ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੈੱਡ ਕਰਾਸ ਅਤੇ ਰੈੱਡ ਕ੍ਰੀਸੈਂਟ ਲਹਿਰ ਅਤੇ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਕੌਮੀ, ਸੂਬਾਈ ਅਤੇ ਜ਼ਿਲ੍ਹਾ ਪੱਧਰੀ ਢਾਂਚੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਨੁੱਖਤਾ ਦੀ ਸੇਵਾ, ਲੋਕ ਸਿਹਤ ਅਤੇ ਆਫ਼ਤ ਪ੍ਰਬੰਧਨ ਵਿੱਚ ਰੈੱਡ ਕਰਾਸ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ।
ਉਨ੍ਹਾਂ ਨੇ ਰੈੱਡ ਕਰਾਸ ਵੱਲੋਂ ਕਰਵਾਏ ਜਾਂਦੇ 16 ਘੰਟਿਆਂ ਦੇ ਮੁੱਢਲੀ ਸਹਾਇਤਾ ਸਿਖਲਾਈ ਪ੍ਰੋਗਰਾਮ ਅਤੇ ਇਸ ਉਪਰੰਤ ਹੋਣ ਵਾਲੀ ਪ੍ਰੀਖਿਆ ਤੇ ਪ੍ਰਮਾਣ-ਪੱਤਰ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਸੇਵਾ, ਸਵੈ-ਇੱਛਕ ਕਾਰਜਾਂ ਅਤੇ ਭਲਾਈ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਾ. ਪੰਕਜਪ੍ਰੀਤ ਸਿੰਘ, ਡੀਨ, ਫੈਕਲਟੀ ਆਫ਼ ਅਲਾਈਡ ਐਂਡ ਹੈਲਥਕੇਅਰ ਸਾਇੰਸਜ਼ ਅਤੇ ਡਾ. ਸੁਪ੍ਰੀਤ ਬਿੰਦਰਾ, ਮੁਖੀ, ਫਿਜ਼ੀਓਥੈਰੇਪੀ ਵਿਭਾਗ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਇਹ ਉਪਰਾਲਾ ਯੂਨੀਵਰਸਿਟੀ ਦੀ ਸੰਸਥਾਗਤ ਸਾਂਝ, ਸਮਾਜਿਕ ਜ਼ਿੰਮੇਵਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਜੁੜੇ ਸਿਹਤ ਪੇਸ਼ੇਵਰ ਤਿਆਰ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
