Home ਪੰਜਾਬ ਪੰਜਾਬ ਦੀਆਂ ਸਾਰੀਆਂ 520 ਰਜਿਸਟਰਡ ਗਊਸ਼ਾਲਾਵਾਂ ਨੂੰ ਮਿਲੇਗੀ 100 ਕਰੋੜ ਰੁਪਏ ਦੀ...

ਪੰਜਾਬ ਦੀਆਂ ਸਾਰੀਆਂ 520 ਰਜਿਸਟਰਡ ਗਊਸ਼ਾਲਾਵਾਂ ਨੂੰ ਮਿਲੇਗੀ 100 ਕਰੋੜ ਰੁਪਏ ਦੀ ਵਿੱਤੀ ਸਹਾਇਤਾ, ਮੁੱਖ ਮੰਤਰੀ ਮਾਨ ਨੇ ਦਿੱਤੀ ਮਨਜ਼ੂਰੀ

Punjab CM Bhagwant Mann Approves Rs 100 Crore Grant for 520 Registered Gaushalas to Improve Cattle Welfare, Healthcare and Maintenance Across the State.

0

ਚੰਡੀਗੜ੍ਹ, 28 ਨਵੰਬਰ, 2026 (ਸ਼ਹੀਦ-ਏ-ਆਜ਼ਮ ਬਿਊਰੋ): ਪੰਜਾਬ ਵਿੱਚ ਬੇਸਹਾਰਾ ਅਤੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਨੂੰ ਬਿਹਤਰ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੀਆਂ ਸਾਰੀਆਂ 520 ਰਜਿਸਟਰਡ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਮਨਜ਼ੂਰ ਕੀਤੀ ਹੈ। ਇਹ ਰਕਮ ਇੱਕੋ ਵਾਰ ਜਾਰੀ ਕੀਤੀ ਜਾਵੇਗੀ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਅੰਦਰ ਸਬੰਧਤ ਗਊਸ਼ਾਲਾਵਾਂ ਦੇ ਖਾਤਿਆਂ ਵਿੱਚ ਭੇਜਣ ਦੀ ਤਿਆਰੀ ਹੈ। ਇਸ ਫ਼ੈਸਲੇ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੀਆਂ ਗਊਸ਼ਾਲਾਵਾਂ ਨੂੰ ਇੱਕਸਮਾਨ ਵਿੱਤੀ ਸਹਾਇਤਾ ਮਿਲੇਗੀ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗ੍ਰਾਂਟ ਨੂੰ ਮਨਜ਼ੂਰੀ ਦਿੱਤੀ ਹੈ। ਇਸ ਯੋਜਨਾ ਤਹਿਤ 500 ਰਜਿਸਟਰਡ ਗਊਸ਼ਾਲਾਵਾਂ ਅਤੇ 20 ਸਰਕਾਰੀ ਕੈਟਲ ਪਾਊਂਡਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਨੂੰ ਪਸ਼ੂ ਭਲਾਈ ਦੇ ਖੇਤਰ ਵਿੱਚ ਸੂਬਾ ਸਰਕਾਰ ਦਾ ਅਹਿਮ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ।

ਅਮਨ ਅਰੋੜਾ ਨੇ ਦੱਸਿਆ ਕਿ ਪਹਿਲਾਂ ਸਰਕਾਰੀ ਵਿੱਤੀ ਸਹਾਇਤਾ ਸਿਰਫ਼ ਨਗਰ ਨਿਗਮਾਂ ਅਤੇ ਸ਼ਹਿਰੀ ਹੱਦਾਂ ਅੰਦਰ ਆਉਂਦੀਆਂ 228 ਗਊਸ਼ਾਲਾਵਾਂ ਤੱਕ ਸੀਮਤ ਸੀ, ਜਦਕਿ ਪੇਂਡੂ ਖੇਤਰਾਂ ਵਿੱਚ ਚੱਲ ਰਹੀਆਂ 272 ਗਊਸ਼ਾਲਾਵਾਂ ਨੂੰ ਸਰਕਾਰ ਵੱਲੋਂ ਕੋਈ ਵਿੱਤੀ ਮਦਦ ਨਹੀਂ ਮਿਲਦੀ ਸੀ। ਇਸ ਕਾਰਨ ਪੇਂਡੂ ਸੰਸਥਾਵਾਂ ਨੂੰ ਬੇਸਹਾਰਾ ਪਸ਼ੂਆਂ ਲਈ ਚਾਰਾ, ਇਲਾਜ ਅਤੇ ਹੋਰ ਜ਼ਰੂਰੀ ਪ੍ਰਬੰਧ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਅਸਮਾਨਤਾ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਮੀਟਿੰਗ ਵਿੱਚ ਸਾਹਮਣੇ ਆਇਆ ਕਿ ਸ਼ਹਿਰੀ ਗਊਸ਼ਾਲਾਵਾਂ ਨੂੰ ਅਕਸਰ ਸਮਾਜਿਕ ਸੰਸਥਾਵਾਂ ਅਤੇ ਲੋਕਾਂ ਵੱਲੋਂ ਦਾਨ ਜਾਂ ਚਾਰੇ ਦੀ ਸਹਾਇਤਾ ਮਿਲ ਜਾਂਦੀ ਹੈ, ਪਰ ਪੇਂਡੂ ਗਊਸ਼ਾਲਾਵਾਂ ਕੋਲ ਸਰੋਤਾਂ ਦੀ ਕਮੀ ਰਹਿੰਦੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਫ਼ੈਸਲਾ ਕੀਤਾ ਕਿ ਗਊਸ਼ਾਲਾ ਸਰਕਾਰੀ ਹੋਵੇ ਜਾਂ ਨਿੱਜੀ ਅਤੇ ਸ਼ਹਿਰੀ ਹੋਵੇ ਜਾਂ ਪੇਂਡੂ, ਹਰ ਰਜਿਸਟਰਡ ਸੰਸਥਾ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਮੰਤਰੀ ਅਨੁਸਾਰ ਇਸ 100 ਕਰੋੜ ਰੁਪਏ ਦੀ ਗ੍ਰਾਂਟ ਨਾਲ ਸੂਬੇ ਦੀਆਂ ਇਨ੍ਹਾਂ ਸੰਸਥਾਵਾਂ ਵਿੱਚ ਰੱਖੇ ਲਗਭਗ 2.20 ਲੱਖ ਪਸ਼ੂਆਂ ਨੂੰ ਸਿੱਧਾ ਲਾਭ ਮਿਲੇਗਾ। ਇਸ ਰਕਮ ਦੀ ਵਰਤੋਂ ਪਸ਼ੂਆਂ ਲਈ ਪੌਸ਼ਟਿਕ ਚਾਰਾ, ਪਸ਼ੂਆਂ ਦੀਆਂ ਦਵਾਈਆਂ, ਵੈਟਰਨਰੀ ਇਲਾਜ, ਰਹਿਣ-ਸਹਿਣ ਅਤੇ ਗਊਸ਼ਾਲਾਵਾਂ ਦੇ ਰੱਖ-ਰਖਾਅ ਲਈ ਕੀਤੀ ਜਾ ਸਕੇਗੀ। ਇਸ ਨਾਲ ਪਸ਼ੂਆਂ ਦੀ ਸਿਹਤ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਵੀ ਗਊਸ਼ਾਲਾਵਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਦਿੱਤੀ ਗਈ ਹੈ। ਸੂਬੇ ਦੀਆਂ ਗਊਸ਼ਾਲਾਵਾਂ ਲਈ ਬਿਜਲੀ ਮੁਫ਼ਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪੁਰਾਣੇ ਬਕਾਇਆ ਬਿਜਲੀ ਬਿੱਲਾਂ ਦੀ ਲਗਭਗ 100 ਕਰੋੜ ਰੁਪਏ ਦੀ ਰਕਮ ਵੀ ਮੁਆਫ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਗ੍ਰਾਂਟ ਪਸ਼ੂ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ।

ਮੰਤਰੀ ਨੇ ਗਊ ਰੱਖਿਆ ਦਲਾਂ, ਗਊ ਭਗਤਾਂ, ਸਵੈ-ਸੇਵੀ ਸੰਸਥਾਵਾਂ ਅਤੇ ਗਊਸ਼ਾਲਾ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਜ਼ੁਬਾਨ ਪਸ਼ੂਆਂ ਦੀ ਸੇਵਾ ਅਤੇ ਸੁਰੱਖਿਆ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸਰਕਾਰ ਅਜਿਹੇ ਸਾਰੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਵੱਖ-ਵੱਖ ਗਊ ਰੱਖਿਆ ਦਲਾਂ ਅਤੇ ਗਊਸ਼ਾਲਾ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਗਊਸ਼ਾਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਕੁਝ ਹੀ ਦਿਨਾਂ ਵਿੱਚ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਲਿਆ ਗਿਆ। ਸਰਕਾਰ ਅਨੁਸਾਰ ਇਹ ਪਹਿਲ ‘ਸਰਬੱਤ ਦਾ ਭਲਾ’ ਦੇ ਸਿਧਾਂਤ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਹੈ, ਜਿਸ ਤਹਿਤ ਹਰ ਜੀਵ ਪ੍ਰਤੀ ਦਇਆ, ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਹੱਤਵ ਦਿੱਤਾ ਗਿਆ ਹੈ। 100 ਕਰੋੜ ਰੁਪਏ ਦੀ ਇਹ ਗ੍ਰਾਂਟ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਅਤੇ ਪਸ਼ੂਆਂ ਦੀ ਦੇਖਭਾਲ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਸਾਬਤ ਹੋ ਸਕਦੀ ਹੈ।

 

Exit mobile version