ਪੰਜਾਬ ਪੰਜਾਬ ਯੂਨੀਵਰਸਿਟੀ ਦੇ ਵੀਸੀ ਚੋਣ ਪ੍ਰਕਿਰਿਆ ‘ਚ ਸਿੱਖ ਉਮੀਦਵਾਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼, ਅਕਾਲੀ ਦਲ ਨੇ ਜਤਾਈ ਚਿੰਤਾ By Choudhary Chhatarpal Singh - July 7, 2026 0 Facebook Twitter Pinterest WhatsApp ਪੰਜਾਬ ਯੂਨੀਵਰਸਿਟੀ ਦੇ ਵੀਸੀ ਚੋਣ ਪ੍ਰਕਿਰਿਆ ‘ਚ ਸਿੱਖ ਉਮੀਦਵਾਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼, ਅਕਾਲੀ ਦਲ ਨੇ ਜਤਾਈ ਚਿੰਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਨਿਯੁਕਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ‘ਤੇ ਚੁੱਕੇ ਸਵਾਲ ਚੰਡੀਗੜ੍ਹ: 7 ਜੁਲਾਈ 2026 (ਸ਼ਹੀਦ—ਏ—ਆਜ਼ਮ ਬਿਓਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਚੱਲ ਰਹੀ ਚੋਣ ਪ੍ਰਕਿਰਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਇੰਟਰਵਿਊ ਲਈ ਕਿਸੇ ਵੀ ਸਿੱਖ ਉਮੀਦਵਾਰ ਨੂੰ ਨਹੀਂ ਬੁਲਾਇਆ ਗਿਆ, ਜਦਕਿ ਕਈ ਯੋਗ ਅਤੇ ਤਜਰਬੇਕਾਰ ਸਿੱਖ ਅਕਾਦਮਿਕ ਸ਼ਖਸੀਅਤਾਂ ਨੇ ਇਸ ਅਹੁਦੇ ਲਈ ਅਰਜ਼ੀਆਂ ਦਿੱਤੀਆਂ ਸਨ। ਜਾਰੀ ਬਿਆਨ ਵਿੱਚ ਗਰੇਵਾਲ ਨੇ ਕਿਹਾ ਕਿ 3 ਜੁਲਾਈ ਤੋਂ ਸ਼ੁਰੂ ਹੋਈ ਇੰਟਰਵਿਊ ਪ੍ਰਕਿਰਿਆ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸਭ ਦੀ ਸ਼ਮੂਲੀਅਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਵਿੱਚ ਕਿਸੇ ਵੀ ਸਿੱਖ ਬਿਨੈਕਾਰ ਦਾ ਨਾਮ ਨਾ ਹੋਣਾ ਇਹ ਪ੍ਰਭਾਵ ਦਿੰਦਾ ਹੈ ਕਿ ਯੋਗ ਉਮੀਦਵਾਰਾਂ ਨੂੰ ਅਣਡਿੱਠ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਹੁਦੇ ਲਈ ਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਮੌਜੂਦਾ ਅਤੇ ਸਾਬਕਾ ਵਾਈਸ ਚਾਂਸਲਰਾਂ, ਪ੍ਰਸਿੱਧ ਸਿੱਖ ਵਿਦਵਾਨਾਂ ਅਤੇ ਤਜਰਬੇਕਾਰ ਅਕਾਦਮਿਕ ਪ੍ਰਸ਼ਾਸਕਾਂ ਨੇ ਵੀ ਅਰਜ਼ੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰਾਂ ਨੂੰ ਇੰਟਰਵਿਊ ਲਈ ਨਾ ਸੱਦਣ ਨਾਲ ਇਹ ਸਵਾਲ ਉੱਠਦਾ ਹੈ ਕਿ ਉਮੀਦਵਾਰਾਂ ਦੀ ਚੋਣ ਲਈ ਕਿਹੜੇ ਮਾਪਦੰਡ ਅਪਣਾਏ ਗਏ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਮਾਮਲਾ ਦੇਸ਼ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਬਰਾਬਰ ਦੇ ਮੌਕੇ ਅਤੇ ਪਾਰਦਰਸ਼ੀ ਨਿਯੁਕਤੀ ਪ੍ਰਣਾਲੀ ਨੂੰ ਲੈ ਕੇ ਵੀ ਚਿੰਤਾ ਪੈਦਾ ਕਰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਚੋਣ ਪ੍ਰਕਿਰਿਆਵਾਂ ਹਰ ਤਰ੍ਹਾਂ ਦੇ ਪੱਖਪਾਤ ਤੋਂ ਉੱਪਰ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸਾਰੇ ਯੋਗ ਉਮੀਦਵਾਰਾਂ ਦਾ ਪ੍ਰਣਾਲੀ ‘ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਹਮੇਸ਼ਾ ਆਪਣੀ ਅਕਾਦਮਿਕ ਉੱਤਮਤਾ, ਵਿਭਿੰਨਤਾ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਪਰੰਪਰਾ ਲਈ ਜਾਣੀ ਜਾਂਦੀ ਰਹੀ ਹੈ। ਇਸ ਲਈ ਵਾਈਸ ਚਾਂਸਲਰ ਦੀ ਨਿਯੁਕਤੀ ਵਿੱਚ ਵੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਨੂੰ ਹੀ ਆਧਾਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਭਾਈਚਾਰੇ ਨਾਲ ਪੱਖਪਾਤ ਦਾ ਪ੍ਰਭਾਵ ਜਾਂਦਾ ਹੈ ਤਾਂ ਇਸ ਨਾਲ ਯੂਨੀਵਰਸਿਟੀ ਦੀ ਸਾਖ ਅਤੇ ਨਿਰਪੱਖ ਅਕਾਦਮਿਕ ਅਕਸ ਨੂੰ ਨੁਕਸਾਨ ਪਹੁੰਚ ਸਕਦਾ ਹੈ।