ਅਮਲੋਹ/ਮੰਡੀ ਗੋਬਿੰਦਗੜ੍ਹ ,15 ਜੁਲਾਈ (ਛਤਰਪਾਲ ਸਿੰਘ): ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਤੁਰਾਂ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਦਾ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 45 ਸਾਲਾ ਮੇਵਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਤੁਰਾਂ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਮੇਵਾ ਸਿੰਘ ਖ਼ਿਲਾਫ਼ ਸਾਲ 2020 ਵਿੱਚ ਪਿੰਡ ਤੁਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਦੋ ਵਾਰ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਸੰਦੀਪ ਸਿੰਘ, ਉਪ ਪੁਲਿਸ ਕਪਤਾਨ ਅਮਲੋਹ ਵਿਕਰਮਜੀਤ ਸਿੰਘ ਘੁੰਮਣ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।
ਡੀ.ਐੱਸ.ਪੀ. ਵਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਰ ਧੜ ਤੋਂ ਵੱਖ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਵਿੱਚ ਕੋਈ ਸੱਚਾਈ ਨਹੀਂ ਹੈ।
ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।
