ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਮਿਲੀ, ਜੱਲੂਪੁਰ ਖੇੜਾ ਪਿੰਡ ਵਿੱਚ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਹੋਣਗੇ ਸ਼ਾਮਲ
21 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ। ਇਸ ਲਈ ਸੱਤ ਵਾਹਨਾਂ ਦਾ ਕਾਫ਼ਲਾ ਤਾਇਨਾਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ ਲਿਆਂਦਾ ਜਾਵੇਗਾ। ਉੱਥੋਂ ਪੁਲਿਸ ਸੁਰੱਖਿਆ ਦੇ ਵਿਚਕਾਰ ਉਨ੍ਹਾਂ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ, ਜਿੱਥੇ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕਰਨਗੇ। ਅਦਾਲਤ ਵੱਲੋਂ ਨਿਰਧਾਰਤ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੀ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਪੂਰੇ ਸਮੇਂ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਰਹਿਣਗੇ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਦੇ ਵਕੀਲ ਜਸਬੀਰ ਕੌਰ ਅਨੁਸਾਰ, ਅੰਮ੍ਰਿਤਪਾਲ ਸਿੰਘ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਣਗੇ। ਜ਼ਿਕਰਯੋਗ ਹੈ ਕਿ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣਗੇ।






