
ਇਸ ਦੌਰਾਨ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜ, ਮੁੱਢਲੀ ਸਹਾਇਤਾ, ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ, ਟ੍ਰੈਫਿਕ ਅਤੇ ਭੀੜ ਨੂੰ ਨਿਯੰਤਰਿਤ ਕਰਨ ਸਮੇਤ ਹੋਰ ਐਮਰਜੈਂਸੀ ਪ੍ਰਬੰਧਾਂ ਦਾ ਅਭਿਆਸ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਕਾਰਜਪ੍ਰਣਾਲੀ ਦਾ ਪ੍ਰਦਰਸ਼ਨ ਕੀਤਾ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਵਲ ਸਰਜਨ ਪਟਿਆਲਾ ਵੱਲੋਂ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿਖੇ ਆਰਜ਼ੀ ਵਾਰਡ ਵੀ ਤਿਆਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਰੈੱਡ ਕਰਾਸ ਅਤੇ 108 ਐਂਬੂਲੈਂਸ ਸੇਵਾ ਦੀ ਵੀ ਵਰਤੋਂ ਕੀਤੀ ਗਈ, ਤਾਂ ਜੋ ਜ਼ਖ਼ਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਅਤੇ ਹਸਪਤਾਲ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪੂਰੀ ਮੌਕ ਡਰਿੱਲ ਦੌਰਾਨ ਆਮ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਖੁਦ ਨੂੰ ਤਿਆਰ ਰੱਖਣ ਅਤੇ ਸਿਵਲ ਡਿਫੈਂਸ ਦੀਆਂ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਕੇ ਐਮਰਜੈਂਸੀ ਦੌਰਾਨ ਆਪਣੀ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਜਾਨ ਦੀ ਰੱਖਿਆ ਕਰਨ ਸਬੰਧੀ ਜ਼ਰੂਰੀ ਜਾਣਕਾਰੀ ਅਤੇ ਸਿਖਲਾਈ ਹਾਸਲ ਕਰਨ। ਇਸ ਅਭਿਆਸ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਰੈੱਡ ਕਰਾਸ, ਡੀ.ਸੀ.ਡਬਲਯੂ., ਐਨ.ਸੀ.ਸੀ., ਐਨ.ਐਸ.ਐਸ., ਪੀ.ਐਸ.ਪੀ.ਸੀ.ਐਲ. ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।