Home ਪੰਜਾਬ ਆਂਗਣਵਾੜੀ ਵਰਕਰਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਅਹਿਮ ਭੂਮਿਕਾ ਨਿਭਾਈ:...

ਆਂਗਣਵਾੜੀ ਵਰਕਰਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਅਹਿਮ ਭੂਮਿਕਾ ਨਿਭਾਈ: ਦਲਵੀਰ ਸਿੰਘ ਢਿੱਲੋਂ

Dalvir Singh Dhillon praised Anganwadi workers for their significant contribution to registering beneficiaries under the Maavan Dhiyan Satkar Yojana.

0
ਧੂਰੀ, 31 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) :  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਸਨਮਾਨ ਅਤੇ ਧੰਨਵਾਦ ਲਈ ਸਥਾਨਕ ਸਨਾਤਨ ਧਰਮਸ਼ਾਲਾ, ਧੂਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਿਹਨਤ, ਲਗਨ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਮਾਣ-ਭੱਤਾ ਦਿੱਤਾ ਜਾ ਰਿਹਾ ਹੈ, ਜੋ ਦੀਵਾਲੀ ਤੋਂ ਪਹਿਲਾਂ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਦਾਨ ਕਰ ਦਿੱਤਾ ਜਾਵੇਗਾ। ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਘਰ-ਘਰ ਤੱਕ ਪਹੁੰਚ ਕਰਕੇ ਯੋਜਨਾ ਦੀ ਜਾਣਕਾਰੀ ਦੇਣ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਦੀ ਮਿਹਨਤ ਸਦਕਾ ਸਰਕਾਰ ਦੀ ਇਸ ਭਲਾਈ ਯੋਜਨਾ ਦਾ ਲਾਭ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਸੇਵਾ ਦੇ ਕਾਰਜਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੋੜ ਨੇ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਭਲਾਈ ਨਾਲ ਜੁੜਿਆ ਅਹਿਮ ਉਪਰਾਲਾ ਹੈ ਅਤੇ ਇਸ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਮਾਜਿਕ ਯੋਗਦਾਨ ਨੂੰ ਮਾਨਤਾ ਦੇਣ ਦਾ ਵੀ ਵਧੀਆ ਮੌਕਾ ਹਨ। ਪ੍ਰਧਾਨ ਨਗਰ ਕੌਂਸਲ ਧੂਰੀ ਅਮਰਜੋਤ ਕੌਰ ਬਾਜਵਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਦੇ ਹਰ ਵਰਗ ਨਾਲ ਜੁੜੀਆਂ ਹੋਈਆਂ ਹਨ ਅਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ ਵਰਕਰਾਂ ਵੱਲੋਂ ਦਿਖਾਈ ਗਈ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਦੀ ਕਦਰ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਜਗਤਾਰ ਸਿੰਘ ਬਾਗੜੀ ਸਲੇਮਪੁਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।

Exit mobile version