ਸੰਗਰੂਰ, 10 ਅਗਸਤ, 2026 (ਜਗਦੇਵ ਸਿੰਘ ਜੱਗੀ) : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਨੂੰ ‘ਨਸ਼ਾ ਮੁਕਤ ਮਿੱਤਰ’ ਵਜੋਂ ਸਰਗਰਮ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਆਦਤ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਪਰਿਵਾਰਕ ਮਾਹੌਲ ਅਤੇ ਸਮਾਜਿਕ ਜੀਵਨ ’ਤੇ ਵੀ ਗੰਭੀਰ ਮਾੜਾ ਪ੍ਰਭਾਵ ਪਾਉਂਦੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਅਤੇ ਸਮਾਜ ਦੇ ਹੋਰ ਮੈਂਬਰਾਂ ਨੂੰ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਸਿਹਤਮੰਦ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਦੀ ਟੋਲ-ਫ੍ਰੀ ਹੈਲਪਲਾਈਨ 14446 ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਭਿਆਨ ਦੇ ਲੋਗੋ, ਸਟਿੱਕਰਾਂ ਅਤੇ ਹੋਰ ਜਾਗਰੂਕਤਾ ਸਮੱਗਰੀ ਰਾਹੀਂ ਲੋਕਾਂ ਤੱਕ ਨਸ਼ਿਆਂ ਵਿਰੁੱਧ ਮਜ਼ਬੂਤ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਨਸ਼ਾ ਮੁਕਤ ਭਾਰਤ ਅਭਿਆਨ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਪਿੰਡ ਪੱਧਰੀ ਜਾਗਰੂਕਤਾ ਅਤੇ ਲੋਕ ਸੰਪਰਕ ਗਤੀਵਿਧੀਆਂ ਦੇ ਨਾਲ-ਨਾਲ ਆਨਲਾਈਨ ਮਾਧਿਅਮਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਪਿੰਡ ਪੱਧਰ ’ਤੇ ਪਰਿਵਾਰਾਂ ਨਾਲ ਨਜ਼ਦੀਕੀ ਸੰਪਰਕ ਹੁੰਦਾ ਹੈ, ਜਿਸ ਕਰਕੇ ਉਹ ਨਸ਼ਾ ਮੁਕਤ ਭਾਰਤ ਅਭਿਆਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਵੱਲੋਂ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰ ਰਹੇ ਹਨ।





