ਲੁਧਿਆਣਾ, 14 ਨਵੰਬਰ 2026 (ਗੁਰਮੀਤ ਸਿੰਘ ਤੁੰਗ) : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕੈਂਪਸ ਵਿੱਚ ਹੋਸਟਲ ਨਾਈਟ ‘ਅੰਜੁਮਨ’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸੱਭਿਆਚਾਰਕ ਵਿਭਿੰਨਤਾ ਨੂੰ ਸਮਰਪਿਤ ਸੀ। ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਸੱਭਿਆਚਾਰਾਂ ਦੇ ਲੋਕ ਗੀਤਾਂ, ਨਾਚਾਂ ਅਤੇ ਭਾਰਤੀ ਸੰਗੀਤ ਦੀ ਅਮੀਰੀ ਨੂੰ ਦਰਸਾਉਂਦੀਆਂ ਕਈ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜੇ.ਪੀ.ਐੱਸ. ਗਿੱਲ ਨੇ ਆਪਣੀ ਪਤਨੀ ਸ੍ਰੀਮਤੀ ਪਵਨਜੀਤ ਕੌਰ ਗਿੱਲ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀ ਭਲਾਈ ਡਾਇਰੈਕਟਰ ਡਾ. ਜਸਪਾਲ ਸਿੰਘ ਹੁੰਦਲ ਅਤੇ ਡਾ. (ਸ੍ਰੀਮਤੀ) ਰਣਜੀਤ ਕੌਰ ਹੁੰਦਲ, ਕਾਲਜ ਆਫ਼ ਵੈਟਰਨਰੀ ਸਾਇੰਸ ਦੇ ਡੀਨ ਡਾ. ਐੱਸ.ਐੱਸ. ਰੰਧਾਵਾ ਅਤੇ ਸ੍ਰੀਮਤੀ ਜਸਵਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਡਾ. ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਦਾ ਇੱਕ ਪਰਿਵਾਰ ਹੈ। ਵੱਖ-ਵੱਖ ਸੱਭਿਆਚਾਰਕ ਪਿਛੋਕੜ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵਿਚਕਾਰ ਆਪਸੀ ਮੇਲ-ਮਿਲਾਪ ਨੇ ਯੂਨੀਵਰਸਿਟੀ ਦੇ ਮਾਹੌਲ ਨੂੰ ਬਹੁਤ ਹੀ ਜੀਵੰਤ ਅਤੇ ਖੁਸ਼ਗਵਾਰ ਬਣਾਇਆ ਹੈ। ਉਨ੍ਹਾਂ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਵਿਦਿਆਰਥੀ ਭਲਾਈ ਡਾਇਰੈਕਟੋਰੇਟ, ਹੋਸਟਲ ਵਾਰਡਨਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਡਾ. ਹੁੰਦਲ ਨੇ ਕਿਹਾ ਕਿ ਦੇਸ਼ ਦੇ ਸਾਰੇ ਹਿੱਸਿਆਂ ਤੋਂ ਵਿਦਿਆਰਥੀ ਵੈਟਰਨਰੀ ਯੂਨੀਵਰਸਿਟੀ ਦੀ ਖੋਜ ਪ੍ਰਣਾਲੀ ਦਾ ਹਿੱਸਾ ਬਣਨ ਲਈ ਉਤਸ਼ਾਹ ਨਾਲ ਅੱਗੇ ਆ ਰਹੇ ਹਨ। ਵਿਦਿਆਰਥੀਆਂ ਅਤੇ ਸਟਾਫ਼ ਵਿਚਕਾਰ ਵੱਖ-ਵੱਖ ਸੱਭਿਆਚਾਰਾਂ ਪ੍ਰਤੀ ਆਪਸੀ ਸਤਿਕਾਰ ਯੂਨੀਵਰਸਿਟੀ ਦੀਆਂ ਸਭ ਤੋਂ ਵੱਡੀਆਂ ਤਾਕਤਾਂ ਵਿੱਚੋਂ ਇੱਕ ਹੈ। ਡਾ. ਰੰਧਾਵਾ ਨੇ ਕਿਹਾ ਕਿ ਵਿਦਿਆਰਥੀ ‘ਵਿਭਿੰਨਤਾ ਵਿੱਚ ਏਕਤਾ’ ਦੀ ਭਾਵਨਾ ਨੂੰ ਬਰਕਰਾਰ ਰੱਖਦਿਆਂ ਯੂਨੀਵਰਸਿਟੀ ਨੂੰ ਦੇਸ਼ ਦੀਆਂ ਮੋਹਰੀ ਵਿਦਿਅਕ ਸੰਸਥਾਵਾਂ ਵਿੱਚ ਸ਼ਾਮਲ ਕਰਨ ਲਈ ਅਹਿਮ ਯੋਗਦਾਨ ਪਾ ਰਹੇ ਹਨ। ਗਰਲਜ਼ ਹੋਸਟਲ ਦੀਆਂ ਵਾਰਡਨਾਂ ਡਾ. ਸ਼ਬਨਮ ਸਿੱਧੂ ਅਤੇ ਡਾ. ਐੱਲ. ਗੀਤਾ ਅਤੇ ਮੁੱਖ ਵਾਰਡਨ ਡਾ. ਐੱਨ.ਡੀ. ਸਿੰਘ ਨੇ ਸਮਾਗਮ ਵਿੱਚ ਸ਼ਾਮਲ ਹੋਣ, ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ ਲਈ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।





