ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿਜ ਨੇ ਹਰਿਆਣਾ ਨਿਵਾਸ ਵਿਖੇ ਚੁਕਾਈ ਅਹੁਦੇ ਅਤੇ ਭੇਦ ਗੁਪਤਤਾ ਦੀ ਸਹੁੰ
ਚੰਡੀਗੜ੍ਹ, 10 ਨਵੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚਈਆਰਸੀ) ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਅਰੁਣ ਕੁਮਾਰ ਗੁਪਤਾ ਨੇ ਅੱਜ ਹਰਿਆਣਾ ਨਿਵਾਸ ਵਿਖੇ ਆਯੋਜਿਤ ਸਮਾਗਮ ਵਿੱਚ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿਜ ਨੇ ਉਨ੍ਹਾਂ ਨੂੰ ਚੇਅਰਮੈਨ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸ਼੍ਰੀ ਗੁਪਤਾ ਨੇ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ। ਸ਼੍ਰੀ ਅਰੁਣ ਕੁਮਾਰ ਗੁਪਤਾ 1992 ਬੈਚ ਦੇ ਹਰਿਆਣਾ ਕੇਡਰ ਦੇ ਆਈ.ਏ.ਐਸ. (IAS) ਅਧਿਕਾਰੀ ਰਹੇ ਹਨ, ਜੋ ਬੀਤੇ ਮਹੀਨੇ ਹੀ ਸੇਵਾਮੁਕਤ ਹੋਏ ਹਨ। ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਐਚ.ਈ.ਆਰ.ਸੀ. ਦੇ ਸਕੱਤਰ ਅਤੇ ਊਰਜਾ ਨਿਗਮਾਂ ਦੇ ਐਮ.ਡੀ. ਵਜੋਂ ਕੰਮ ਕਰਨ ਦਾ ਵਿਆਪਕ ਤਜ਼ਰਬਾ ਹੋਣ ਕਰਕੇ ਊਰਜਾ ਵਿਭਾਗ ਦੀ ਕਾਰਜਪ੍ਰਣਾਲੀ ਦੀ ਡੂੰਘੀ ਸਮਝ ਹੈ।
ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਸੂਬੇ ਦੇ ਬਿਜਲੀ ਖੇਤਰ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਕਮਿਸ਼ਨ ਬਿਜਲੀ ਦਰਾਂ ਦੀ ਨਿਰਧਾਰਨਾ, ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਸੁਧਾਰ, ਖਪਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਕਮਿਸ਼ਨ ਦਾ ਉਦੇਸ਼ ਬਿਜਲੀ ਖੇਤਰ ਵਿੱਚ ਸੰਤੁਲਿਤ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਗੁਣਵੱਤਾਪੂਰਨ ਬਿਜਲੀ ਸੇਵਾਵਾਂ ਉਪਲਬਧ ਕਰਵਾਉਣ ਲਈ ਪ੍ਰਭਾਵਸ਼ਾਲੀ ਰੈਗੂਲੇਟਰੀ ਵਿਵਸਥਾ ਯਕੀਨੀ ਬਣਾਉਣਾ ਹੈ। ਇਸ ਮੌਕੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸੁਧੀਰ ਰਾਜਪਾਲ, ਸ਼੍ਰੀ ਏ.ਕੇ. ਸਿੰਘ, ਡਾ. ਅਮਿਤ ਕੁਮਾਰ ਅਗਰਵਾਲ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ਼੍ਰੀਮਤੀ ਆਸ਼ਿਮਾ ਬਰਾੜ, ਸ਼੍ਰੀ ਸੀ.ਜੀ. ਰਜਨੀਕਾਂਥਨ, ਐਚ.ਵੀ.ਪੀ.ਐਨ.ਐਲ. (HVPNL) ਦੇ ਪ੍ਰਬੰਧ ਨਿਰਦੇਸ਼ਕ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ ਅਤੇ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਵਿਕਰਮ ਸਮੇਤ ਹੋਰ ਅਧਿਕਾਰੀ ਅਤੇ ਸ਼ਖਸੀਅਤਾਂ ਹਾਜ਼ਰ ਸਨ।






