ਪਟਿਆਲਾ, 15 ਸਤੰਬਰ, 2026 (ਬਲਜੀਤ ਸਰਨਾ) : ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵੱਲੋਂ ਅੱਜ ਪਟਿਆਲਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਚਾਰ ਜ਼ਿਲ੍ਹਿਆਂ ਤੋਂ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਹੈ। ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਬਦਲੇ ਮਹਿਜ਼ 2500 ਰੁਪਏ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੇ ਮਹਿੰਗਾਈ ਭਰੇ ਸਮੇਂ ਵਿੱਚ ਇੰਨੀ ਘੱਟ ਰਕਮ ਵਿੱਚ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੈ।

ਆਸ਼ਾ ਵਰਕਰਾਂ ਨੇ ਕਿਹਾ ਕਿ ਉਹ ਬਿਨਾਂ ਨਿਯਮਤ ਛੁੱਟੀਆਂ ਦੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਮੁਤਾਬਕ ਮਾਣ-ਸਨਮਾਨ ਅਤੇ ਮਿਹਨਤਾਨਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਦੋਸ਼ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਇਹ ਮੀਟਿੰਗਾਂ ਬੇਸਿੱਟਾ ਰਹੀਆਂ ਅਤੇ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸੇ ਦੇ ਰੋਸ ਵਜੋਂ ਆਸ਼ਾ ਵਰਕਰਾਂ ਵੱਲੋਂ ਅੱਜ ਪਟਿਆਲਾ ਵਿੱਚ ਸਿਹਤ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਕਾਲ ਦਿੱਤੀ ਗਈ ਹੈ।

ਪ੍ਰਦਰਸ਼ਨਕਾਰੀਆਂ ਨੇ ਪਿਛਲੇ ਸਮੇਂ ਦੌਰਾਨ ਸਿਹਤ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਮੌਕੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਉਸ ਸਮੇਂ ਉਨ੍ਹਾਂ ਨਾਲ ਪੁਲਿਸ ਵੱਲੋਂ ਜ਼ਿਆਦਤੀ ਕੀਤੀ ਗਈ ਸੀ, ਜਿਸ ਨੂੰ ਉਹ ਗਲਤ ਕਰਾਰ ਦੇ ਰਹੀਆਂ ਹਨ। ਆਸ਼ਾ ਵਰਕਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਉਨ੍ਹਾਂ ਦੇ ਮਿਹਨਤਾਨੇ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।







