ਲੁਧਿਆਣਾ, 21 ਜੁਲਾਈ: (ਜਗਮੇਲ ਸਿੰਘ ਢਿੱਲੋਂ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਦੇ ਕੂਮਕਲਾਂ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਜਗਜੀਵਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।
ਸ਼ਿਕਾਇਤ ਅਨੁਸਾਰ, ਸ਼ਿਕਾਇਤਕਰਤਾ ਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਕੂਮਕਲਾਂ ਥਾਣੇ ਵਿੱਚ ਮਾਮਲਾ ਦਰਜ ਸੀ, ਜਿਸ ਦੀ ਜਾਂਚ ਏਐੱਸਆਈ ਜਗਜੀਵਨ ਸਿੰਘ ਕਰ ਰਿਹਾ ਸੀ। ਦੋਸ਼ ਹੈ ਕਿ ਜਾਂਚ ਅਧਿਕਾਰੀ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਵੀ ਕੀਤੀ।
ਇਸ ਤੋਂ ਬਾਅਦ ਮੁਲਜ਼ਮ ਏਐੱਸਆਈ ਨੇ ਸ਼ਿਕਾਇਤਕਰਤਾ ਨੂੰ ਮੁੜ ਬੁਲਾ ਕੇ ਹੋਰ 10,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ।
ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜਾਲ ਵਿਛਾਇਆ ਅਤੇ ਏਐੱਸਆਈ ਜਗਜੀਵਨ ਸਿੰਘ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਪੁਲਿਸ ਅਧਿਕਾਰੀ ਖ਼ਿਲਾਫ਼ ਲੁਧਿਆਣਾ ਸਥਿਤ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਨਾਲ ਜੁੜੇ ਹੋਰ ਤੱਥਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
