ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਪਰਿਵਾਰ ਨੂੰ ਦਿੱਤਾ ਹੌਸਲਾ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ
ਪਟਿਆਲਾ, 4 ਜੁਲਾਈ: (ਛਤਰਪਾਲ ਸਿੰਘ): ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਦੀ ਅੰਤਿਮ ਅਰਦਾਸ ਅੱਜ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਡਲ ਟਾਊਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਜ਼ਰੀ ਭਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਅਰਦਾਸ ਉਪਰੰਤ ਸੰਧਵਾਂ ਨੇ ਕਿਹਾ ਕਿ ਸੇਵਾ ਸਿੰਘ ਭੱਟੀ ਨੇ ਆਪਣੇ ਪੁਲਿਸ ਸੇਵਾ ਕਾਲ ਦੌਰਾਨ ਇਮਾਨਦਾਰੀ, ਨਿਸ਼ਠਾ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਦਾ ਸਾਦਾ ਅਤੇ ਅਨੁਸ਼ਾਸਿਤ ਜੀਵਨ ਹਰ ਸਰਕਾਰੀ ਮੁਲਾਜ਼ਮ ਲਈ ਪ੍ਰੇਰਣਾ ਦਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦਾ ਵਿਛੋੜਾ ਪਰਿਵਾਰ ਦੇ ਨਾਲ-ਨਾਲ ਸਮਾਜ ਲਈ ਵੀ ਵੱਡੀ ਘਾਟ ਹੁੰਦਾ ਹੈ।
ਵਿਧਾਨ ਸਭਾ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦਾ ਹੌਸਲਾ ਪ੍ਰਦਾਨ ਕਰਨ।
ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਸਮੇਤ ਕਈ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਸੇਵਾ ਸਿੰਘ ਭੱਟੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਸਾਬਕਾ ਅਤੇ ਮੌਜੂਦਾ ਪੁਲਿਸ ਅਧਿਕਾਰੀਆਂ, ਬਡੂੰਗਰ ਪਰਿਵਾਰ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।