150 ਸੀਟਾਂ ਵਾਲੇ ਮੈਡੀਕਲ ਕਾਲਜ ਅਤੇ 883 ਬੈੱਡਾਂ ਦੇ ਟੀਚਿੰਗ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲਣਗੀਆਂ ਬਿਹਤਰ ਸਿਹਤ ਸਹੂਲਤਾਂ
ਚੰਡੀਗੜ੍ਹ, 10 ਨਵੰਬਰ, 2026 (ਸੰਜੀਵ ਸ਼ਰਮਾ) : ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ਼੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ 883 ਬੈੱਡਾਂ ਦੇ ਟੀਚਿੰਗ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਸੰਬੰਧੀ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਹਨਾਂ ਉਪਬੰਧਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਵਿੱਚ ਸਬਸਿਡੀ ਦਾ ਲਾਭ ਮਿਲੇਗਾ ਅਤੇ ਉਹ ਕਿਫ਼ਾਇਤੀ ਦਰਾਂ ‘ਤੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਮੀਟਿੰਗ ਵਿੱਚ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਅਤੇ ਦੇਖਭਾਲ (Operation and Maintenance) ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਦਯੋਗ ਅਤੇ ਵਪਾਰ ਮੰਤਰੀ ਸ਼੍ਰੀ ਰਾਓ ਨਰਬੀਰ ਸਿੰਘ ਅਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।
ਮੀਟਿੰਗ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਵਿੱਚ ਸਬਸਿਡੀ ਅਤੇ ਹਸਪਤਾਲ ਵਿੱਚ ਵਿਸ਼ੇਸ਼ ਸਹੂਲਤਾਂ ਨਾਲ ਸੰਬੰਧਿਤ ਉਪਬੰਧਾਂ ‘ਤੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ‘ਤੇ ਇਲਾਜ ਦਾ ਆਰਥਿਕ ਬੋਝ ਘਟੇ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਕਿਫ਼ਾਇਤੀ ਦਰਾਂ ‘ਤੇ ਉਪਲਬਧ ਹੋ ਸਕਣ। ਮੁੱਖ ਮੰਤਰੀ ਨੇ ਹਸਪਤਾਲ ਪਰਿਸਰ ਵਿੱਚ ਅੰਮ੍ਰਿਤ ਫਾਰਮੇਸੀ ਖੋਲ੍ਹਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਸਤੀਆਂ ਦਰਾਂ ‘ਤੇ ਗੁਣਵੱਤਾਪੂਰਨ ਦਵਾਈਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਦਵਾਈਆਂ ਦੀ ਉਪਲਬਧਤਾ ਵੀ ਸੁਖਾਲੀ ਅਤੇ ਕਿਫ਼ਾਇਤੀ ਹੋਣੀ ਚਾਹੀਦੀ ਹੈ।
ਮੀਟਿੰਗ ਵਿੱਚ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਸੀਟਾਂ ਅਤੇ ਫੀਸਾਂ ਨਾਲ ਸੰਬੰਧਿਤ ਉਪਬੰਧਾਂ ‘ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਾਲਜ ਦੀ ਵਿਦਿਅਕ ਵਿਵਸਥਾ, ਵਿਦਿਆਰਥੀਆਂ ਲਈ ਉਪਲਬਧ ਸੀਟਾਂ ਅਤੇ ਫੀਸਾਂ ਦੇ ਢਾਂਚੇ ਨੂੰ ਲੈ ਕੇ ਵੀ ਜ਼ਰੂਰੀ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ਼੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਆਯੋਜਨਾ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਅਨੁਰਾਗ ਅਗਰਵਾਲ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਸੀ.ਜੀ. ਰਜਨੀਕਾਂਤਨ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਟੀ (GMDA) ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਪੀ.ਸੀ. ਮੀਨਾ ਅਤੇ ਉਦਯੋਗ ਤੇ ਵਪਾਰ ਵਿਭਾਗ ਦੇ ਮਹਾਨਿਰਦੇਸ਼ਕ ਸ਼੍ਰੀ ਯਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।






