ਸੰਗਰੂਰ, 3 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਸ੍ਰੀ ਪ੍ਰੀਤਮ ਸਿੰਘ ਪੀਤੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ੍ਰੀ ਮਹਿੰਦਰ ਸਿੰਘ ਸਿੱਧੂ ਅਤੇ ਅੰਤਰਰਾਸ਼ਟਰੀ ਖਿਡਾਰੀ ਤੇ ਏਸ਼ੀਅਨ ਮੈਡਲਿਸਟ ਸ੍ਰੀ ਜਸਵਿੰਦਰ ਸਿੰਘ ਵੀ ਮੌਜੂਦ ਰਹੇ। ਉਨ੍ਹਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤੈਰਾਕੀ, ਹਾਕੀ, ਐਥਲੈਟਿਕਸ, ਖੋ-ਖੋ, ਬੈਡਮਿੰਟਨ, ਕਿੱਕ ਬਾਕਸਿੰਗ, ਬਾਕਸਿੰਗ, ਹੈਂਡਬਾਲ, ਬਾਸਕਿਟਬਾਲ, ਟੇਬਲ ਟੈਨਿਸ, ਕੁਸ਼ਤੀ ਅਤੇ ਰੋਲਰ ਸਕੇਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਅਕਤੂਬਰ ਤੋਂ ਗੱਤਕੇ ਦੇ ਮੁਕਾਬਲੇ ਵੀ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਦੇ ਨਤੀਜਿਆਂ ਤਹਿਤ ਅੰਡਰ-14 ਲੜਕੀਆਂ ਕਬੱਡੀ ਸਰਕਲ ਸਟਾਈਲ ਵਿੱਚ ਅਨਦਾਣਾ ਦੀ ਟੀਮ ਨੇ ਪਹਿਲਾ, ਲਹਿਰਾਗਾਗਾ (ਬੀ) ਨੇ ਦੂਜਾ ਅਤੇ ਲਹਿਰਾਗਾਗਾ (ਏ) ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਅੰਡਰ-14 ਲੜਕੇ ਕਬੱਡੀ ਸਰਕਲ ਸਟਾਈਲ ਵਿੱਚ ਸੰਗਰੂਰ (ਏ) ਦੀ ਟੀਮ ਨੇ ਪਹਿਲਾ, ਦਿੜ੍ਹਬਾ (ਏ) ਨੇ ਦੂਜਾ ਅਤੇ ਸੁਨਾਮ (ਏ) ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲਿਆਂ ਵਿੱਚ ਸ਼ੇਰਪੁਰ ਦੀ ਟੀਮ ਨੇ ਪਹਿਲਾ ਅਤੇ ਧੂਰੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਅੰਡਰ-17 ਲੜਕੀਆਂ ਖੋ-ਖੋ ਦੇ ਮੁਕਾਬਲਿਆਂ ਵਿੱਚ ਸ਼ੇਰਪੁਰ ਦੀ ਟੀਮ ਨੇ ਪਹਿਲਾ, ਅਨਦਾਣਾ ਨੇ ਦੂਜਾ ਅਤੇ ਲਹਿਰਾਗਾਗਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀਆਂ ਹਨ।
