ਸ੍ਰੀਨਗਰ, 12 ਨਵੰਬਰ, 2026 (ਛਤਰਪਾਲ ਸਿੰਘ) : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੇ ਨਾਕੇ ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੀਆਰਪੀਐੱਫ ਦੇ ਜਵਾਨਾਂ ਨੇ ਬਹਾਦਰੀ ਅਤੇ ਮੁਸਤੈਦੀ ਦਾ ਸਬੂਤ ਦਿੰਦਿਆਂ ਹਮਲਾਵਰਾਂ ਨੂੰ ਮੂੰਹਤੋੜ ਜਵਾਬ ਦਿੱਤਾ। ਹਮਲੇ ਵਿੱਚ ਤਿੰਨ ਸੀਆਰਪੀਐੱਫ ਜਵਾਨ ਜ਼ਖ਼ਮੀ ਹੋ ਗਏ, ਪਰ ਜ਼ਖ਼ਮੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਜਵਾਬੀ ਗੋਲੀਬਾਰੀ ਕੀਤੀ ਅਤੇ ਹਮਲਾਵਰਾਂ ਦਾ ਪਿੱਛਾ ਕੀਤਾ। ਇਸ ਕਾਰਨ ਹਮਲਾਵਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋਏ ਬਿਨਾਂ ਮੌਕੇ ਤੋਂ ਫ਼ਰਾਰ ਹੋ ਗਏ। ਸਰਕਾਰੀ ਸੂਤਰਾਂ ਅਨੁਸਾਰ ਪੁਲਿਸ ਅਤੇ ਸੀਆਰਪੀਐੱਫ ਦੀ ਤਾਇਨਾਤੀ ਖੁਫ਼ੀਆ ਜਾਣਕਾਰੀਆਂ ਦੇ ਆਧਾਰ ‘ਤੇ ਕੀਤੀ ਗਈ ਸੀ। ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਸਬੰਧੀ ਪਹਿਲਾਂ ਹੀ ਜਾਣਕਾਰੀ ਮਿਲੀ ਹੋਈ ਸੀ। ਇਸ ਦੇ ਬਾਵਜੂਦ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਬੁੱਧਵਾਰ ਦੁਪਹਿਰ ਸੁਰੱਖਿਆ ਨਾਕੇ ‘ਤੇ ਤਾਇਨਾਤ ਜਵਾਨਾਂ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ।
ਸੂਤਰਾਂ ਨੇ ਦੱਸਿਆ ਕਿ ਹਮਲੇ ਦੌਰਾਨ ਜਵਾਨਾਂ ਦੀ ਚੌਕਸੀ, ਤਿਆਰੀ ਅਤੇ ਤੁਰੰਤ ਕੀਤੀ ਗਈ ਜਵਾਬੀ ਕਾਰਵਾਈ ਨੇ ਹਮਲਾਵਰਾਂ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ। ਗੋਲੀਬਾਰੀ ਤੋਂ ਬਾਅਦ ਹਮਲਾਵਰ ਉੱਥੋਂ ਭੱਜਣ ਲਈ ਮਜਬੂਰ ਹੋ ਗਏ। ਸੂਤਰਾਂ ਮੁਤਾਬਕ ਸੀਆਰਪੀਐੱਫ ਦੀ ਪ੍ਰਭਾਵਸ਼ਾਲੀ ਕਾਰਵਾਈ ਕਾਰਨ ਹਮਲਾਵਰ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਪਹੁੰਚਾਉਣ ਵਿੱਚ ਵੀ ਅਸਫਲ ਰਹੇ। ਸੀਆਰਪੀਐੱਫ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ 2:15 ਵਜੇ ਵਾਪਰੀ, ਜਦੋਂ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਰਣਨੀਤਕ ਸਥਾਨ ‘ਤੇ ਬਣਾਏ ਗਏ ਸੁਰੱਖਿਆ ਨਾਕੇ ‘ਤੇ ਤਾਇਨਾਤ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਇਸ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ), ਅਨੰਤਨਾਗ ਵਿਖੇ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਹਮਲਾਵਰਾਂ ਨੂੰ ਫੜਨ ਲਈ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਅਨੁਸਾਰ ਹਮਲੇ ਵਾਲਾ ਸੁਰੱਖਿਆ ਨਾਕਾ ਰਾਸ਼ਟਰੀ ਰਾਜਮਾਰਗ ਤੋਂ ਲਗਭਗ ਚਾਰ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਜ਼ਖ਼ਮੀ ਹੋਏ ਤਿੰਨ ਜਵਾਨਾਂ ਦੀ ਪਛਾਣ ਹੈੱਡ ਕਾਂਸਟੇਬਲ ਸੋਮਵੀਰ ਸਿੰਘ, ਕਾਂਸਟੇਬਲ ਰਾਕੇਸ਼ ਦਾਸ ਅਤੇ ਕਾਂਸਟੇਬਲ ਸੰਤੋਸ਼ ਚੰਦ੍ਰੂ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੋ ਜਵਾਨਾਂ ਦੀ ਹਾਲਤ ਸਥਿਰ ਦੱਸੀ ਗਈ ਹੈ, ਜਦਕਿ ਤੀਜੇ ਜਵਾਨ ਦੀ ਹਾਲਤ ਕੁਝ ਗੰਭੀਰ ਹੈ। ਪੱਛਮੀ ਬੰਗਾਲ ਦੇ ਰਹਿਣ ਵਾਲੇ ਕਾਂਸਟੇਬਲ ਸੰਤੋਸ਼ ਚੰਦ੍ਰੂ ਦੇ ਪੇਟ ਅਤੇ ਰੀੜ੍ਹ ਦੀ ਹੱਡੀ ਵਿੱਚ ਸੱਟਾਂ ਲੱਗੀਆਂ ਹਨ। ਅਸਾਮ ਦੇ ਰਹਿਣ ਵਾਲੇ ਕਾਂਸਟੇਬਲ ਰਾਕੇਸ਼ ਦਾਸ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਦਕਿ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹੈੱਡ ਕਾਂਸਟੇਬਲ ਸੋਮਵੀਰ ਸਿੰਘ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਦੋਵਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਰਕਾਰੀ ਸੂਤਰਾਂ ਨੇ ਸੀਆਰਪੀਐੱਫ ਜਵਾਨਾਂ ਦੀ ਬਹਾਦਰੀ ਅਤੇ ਪੇਸ਼ੇਵਰ ਤਰੀਕੇ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਰੱਖਿਆ ਬਲਾਂ ਦੀ ਵਧੀ ਹੋਈ ਚੌਕਸੀ ਅਤੇ ਇਲਾਕੇ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਕਾਰਨ ਹਮਲਾਵਰਾਂ ਲਈ ਆਪਣੇ ਮਨਸੂਬਿਆਂ ਨੂੰ ਅੰਜਾਮ ਦੇਣਾ ਮੁਸ਼ਕਲ ਹੋ ਰਿਹਾ ਹੈ।






