ਪਟਿਆਲਾ, 30 ਜੁਲਾਈ, 2026 (ਬਲਜੀਤ ਸਰਨਾ) : ਨਾਭਾ ਰੋਡ ਸਥਿਤ ਭਾਖੜਾ ਨਹਿਰ ਵਿੱਚ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਤਾਖੋਰ ਟੀਮ ਦੀ ਤੁਰੰਤ ਕਾਰਵਾਈ ਨਾਲ ਮਹਿਲਾ ਨੂੰ ਸੁਰੱਖਿਅਤ ਬਚਾ ਲਿਆ ਗਿਆ। ਘਟਨਾ ਤੋਂ ਬਾਅਦ ਮਹਿਲਾ ਨੂੰ ਪੁਲਿਸ ਦੀ ਮਦਦ ਨਾਲ ਇਲਾਜ ਲਈ ਰਜਿੰਦਰਾ ਹਸਪਤਾਲ ਭੇਜਿਆ ਗਿਆ।

ਜਾਣਕਾਰੀ ਅਨੁਸਾਰ ਕਰੀਬ 25 ਸਾਲਾ ਮਹਿਲਾ ਨਹਿਰ ਵਿੱਚ ਛਲਾਂਗ ਮਾਰਨ ਦੀ ਕੋਸ਼ਿਸ਼ ਕਰ ਰਹੀ ਸੀ, ਜਦੋਂ ਮੌਕੇ ‘ਤੇ ਮੌਜੂਦ ਗੋਤਾਖੋਰ ਟੀਮ ਨੇ ਉਸ ਨੂੰ ਦੇਖ ਲਿਆ। ਟੀਮ ਦੇ ਮੈਂਬਰਾਂ ਨੇ ਫੌਰੀ ਕਾਰਵਾਈ ਕਰਦਿਆਂ ਮਹਿਲਾ ਨੂੰ ਪਾਣੀ ਵਿੱਚ ਜਾਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ ਅਤੇ ਸੁਰੱਖਿਅਤ ਬਾਹਰ ਕੱਢ ਲਿਆ।
ਮਹਿਲਾ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਅਤੇ ਲੰਮੇ ਸਮੇਂ ਤੋਂ ਉਸ ਨਾਲ ਕੁੱਟਮਾਰ ਕਰਦਾ ਆ ਰਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਦੀ ਦੋ ਸਾਲਾ ਧੀ ਨੂੰ ਉਸ ਤੋਂ ਵੱਖ ਕਰ ਦਿੱਤਾ ਗਿਆ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਕਾਫੀ ਪਰੇਸ਼ਾਨ ਸੀ। ਮਹਿਲਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਦਿਖਾਈ ਦਿੱਤੇ।
ਗੋਤਾਖੋਰ ਟੀਮ ਦੇ ਮੈਂਬਰਾਂ ਮੁਤਾਬਕ ਮਹਿਲਾ ਨੇ ਆਪਣੀ ਪਰੇਸ਼ਾਨੀ ਬਾਰੇ ਦੱਸਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਹਿਲਾ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ।
ਪੁਲਿਸ ਨੇ ਦੱਸਿਆ ਕਿ ਮਹਿਲਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।