ਸੰਗਰੂਰ, 10 ਅਗਸਤ, 2026 (ਦੀਪਕ ਦੱਤਾ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਖੇ ਡੀ-ਵਰਮਿੰਗ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਬੱਚਿਆਂ ਦੀ ਭੁੱਖ, ਪੋਸ਼ਣ, ਸਰੀਰਕ ਵਿਕਾਸ ਅਤੇ ਸਮੁੱਚੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਇਸ ਲਈ ਬੱਚਿਆਂ ਦੀ ਸਿਹਤਮੰਦ ਪਰਵਰਿਸ਼ ਲਈ ਨਿੱਜੀ ਸਫ਼ਾਈ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਜਾਗਰੂਕਤਾ ਦੌਰਾਨ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਸਾਫ਼ ਪਾਣੀ ਦੀ ਵਰਤੋਂ ਕਰਨ, ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਨੂੰ ਨੰਗੇ ਪੈਰ ਨਾ ਤੁਰਨ ਅਤੇ ਨਿੱਜੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਯੋਗ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜ਼ੋਲ 400 ਮਿਲੀਗ੍ਰਾਮ ਦੀ ਡੀ-ਵਰਮਿੰਗ ਦਵਾਈ ਦਿੱਤੀ ਗਈ। ਦਵਾਈ ਦੀ ਖੁਰਾਕ ਬੱਚਿਆਂ ਦੀ ਉਮਰ ਅਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਹਦਾਇਤਾਂ ਅਨੁਸਾਰ ਦਿੱਤੀ ਗਈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਜੀ ਨੇ ਕਿਹਾ ਕਿ ਤੰਦਰੁਸਤ ਬੱਚੇ ਹੀ ਸਿਹਤਮੰਦ ਸਮਾਜ ਦੀ ਨੀਂਹ ਹਨ। ਬੱਚਿਆਂ ਨੂੰ ਪੇਟ ਦੇ ਕੀੜਿਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ, ਸਫ਼ਾਈ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਆਂਗਣਵਾੜੀ ਵਰਕਰਾਂ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਪਰਿਵਾਰਾਂ ਤੱਕ ਪਹੁੰਚ ਕਰਕੇ ਡੀ-ਵਰਮਿੰਗ, ਨਿੱਜੀ ਸਫ਼ਾਈ, ਹੱਥ ਧੋਣ ਦੀ ਆਦਤ, ਸਾਫ਼ ਪਾਣੀ ਅਤੇ ਪੌਸ਼ਟਿਕ ਖੁਰਾਕ ਸਬੰਧੀ ਲਗਾਤਾਰ ਜਾਗਰੂਕਤਾ ਪੈਦਾ ਕਰਨ। ਵਿਭਾਗ ਵੱਲੋਂ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਸਫ਼ਾਈ, ਪੋਸ਼ਣ ਅਤੇ ਸਿਹਤ ਸੰਭਾਲ ਨੂੰ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਇਆ ਜਾਵੇ ਅਤੇ ਡੀ-ਵਰਮਿੰਗ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
