ਸੰਗਰੂਰ 11 ਸਤੰਬਰ, 2026 (ਜਗਜੀਤ ਸਿੰਘ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐੱਸ.ਸੀ.), ਸੰਗਰੂਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖੇ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ ਕਰਾਪ ਰੈਜ਼ੀਡਿਊ ਮੈਨੇਜਮੈਂਟ) ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨੇੜਲੇ ਪਿੰਡਾਂ ਟਿੱਬਾ ਅਤੇ ਬਦੇਸ਼ਾ ਦੇ ਕਿਸਾਨਾਂ ਨੇ ਵੀ ਭਾਗ ਲਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਐਕਸਟੈਂਸ਼ਨ ਸਾਇੰਟਿਸਟ, ਪੀ.ਏ.ਯੂ.-ਐਫ.ਏ.ਐੱਸ.ਸੀ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਪੂਰੀ ਤਰ੍ਹਾਂ ਛੱਡਣ ਅਤੇ ਵਾਤਾਵਰਨ ਪੱਖੀ ਪਰਾਲੀ ਪ੍ਰਬੰਧਨ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਪੌਸ਼ਟਿਕ ਤੱਤਾਂ ਅਤੇ ਜੈਵਿਕ ਪਦਾਰਥ ਦੀ ਸੰਭਾਲ, ਮਿੱਟੀ ਦੀ ਸਿਹਤ ਵਿੱਚ ਸੁਧਾਰ, ਹਵਾ ਪ੍ਰਦੂਸ਼ਣ ਵਿੱਚ ਕਮੀ ਅਤੇ ਲੰਬੇ ਸਮੇਂ ਤੱਕ ਮਿੱਟੀ ਦੀ ਉਤਪਾਦਕਤਾ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ।

ਡਾ. ਗਰਗ ਨੇ ਖਾਦਾਂ ਦੀ ਵਰਤੋਂ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਮਿੱਟੀ ਅਤੇ ਫ਼ਸਲ ਦੀ ਅਸਲ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਟਿਕਾਊ ਖੇਤੀ ਲਈ ਏਕੀਕ੍ਰਿਤ ਪੌਸ਼ਟਿਕ ਤੱਤ ਪ੍ਰਬੰਧਨ (INM) ਅਪਣਾਉਣ ਦੀ ਸਲਾਹ ਦਿੱਤੀ।
ਇਸ ਮੌਕੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਵਿੱਚ ਸਿਫ਼ਾਰਸ਼ਸ਼ੁਦਾ ਜੀਵਾਣੂ ਖਾਦਾਂ ਦੀ ਵਰਤੋਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਦੀਆਂ ਹਾਲਤਾਂ ਲਈ ਢੁਕਵੀਆਂ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਕਣਕ ਅਤੇ ਹੋਰ ਹਾੜੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਡਾ. ਗਰਗ ਨੇ ਕਿਹਾ ਕਿ ਉੱਚ ਗੁਣਵੱਤਾ ਵਾਲੇ ਸਿਫ਼ਾਰਸ਼ਸ਼ੁਦਾ ਬੀਜ ਦੀ ਵਰਤੋਂ ਅਤੇ ਸੰਤੁਲਿਤ ਪੌਸ਼ਟਿਕ ਤੱਤ ਪ੍ਰਬੰਧਨ ਨਾਲ ਵਧੇਰੇ ਪੈਦਾਵਾਰ ਅਤੇ ਬਿਹਤਰ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।
ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.), ਧੂਰੀ ਨੇ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖੇਤ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਦੇ ਲਾਭਾਂ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਇਨ੍ਹਾਂ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਗਰਗ ਨੇ ਕਿਸਾਨਾਂ ਨੂੰ ਆਪਣੇ ਘਰਾਂ ਵਿੱਚ ਘਰੇਲੂ ਬਗੀਚੀ ਸਥਾਪਿਤ ਕਰਨ ਅਤੇ ਸੰਭਾਲਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਪਰਿਵਾਰ ਲਈ ਤਾਜ਼ੀਆਂ, ਪੌਸ਼ਟਿਕ ਅਤੇ ਸੁਰੱਖਿਅਤ ਸਬਜ਼ੀਆਂ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਸਿਫ਼ਾਰਸ਼ਸ਼ੁਦਾ ਕਿਸਮਾਂ, ਖੇਤੀ ਮਸ਼ੀਨਰੀ, ਪ੍ਰਕਾਸ਼ਨਾਵਾਂ ਅਤੇ ਮਾਹਿਰਾਂ ਦੀ ਸਲਾਹ ਦਾ ਲਾਭ ਲੈ ਸਕਣ। ਸ੍ਰੀ ਹਰਮਿੰਦਰ ਸਿੰਘ, ਖੇਤੀਬਾੜੀ ਉਪ-ਨਿਰੀਖਕ (ਏ.ਐੱਸ.ਆਈ.) ਨੇ ਕੈਂਪ ਦੇ ਸਫਲ ਆਯੋਜਨ ਲਈ ਲੋੜੀਂਦੇ ਪ੍ਰਬੰਧ ਕਰਨ ਵਿੱਚ ਸਹਿਯੋਗ ਦਿੱਤਾ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਮਿੱਟੀ ਦੀ ਸਿਹਤ, ਸੰਤੁਲਿਤ ਖਾਦਾਂ ਦੀ ਵਰਤੋਂ, ਜੀਵਾਣੂ ਖਾਦਾਂ ਅਤੇ ਆਉਣ ਵਾਲੇ ਹਾੜੀ ਦੇ ਸੀਜ਼ਨ ਦੀਆਂ ਫ਼ਸਲਾਂ ਸਬੰਧੀ ਮਾਹਿਰਾਂ ਤੋਂ ਲੋੜੀਂਦੀ ਸਲਾਹ ਲੈਣ ਦਾ ਮੌਕਾ ਮਿਲਿਆ।