ਫ਼ਤਹਿਗੜ੍ਹ ਸਾਹਿਬ, 05 ਨਵੰਬਰ , 2026 (ਗੁਰਮੀਤ ਸਿੰਘ ਤੁੰਗ): ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ ਡਵੀਜ਼ਨ ਅਮਲੋਹ ਦੇ ਨਸ਼ਿਆਂ ਦੇ ਹੌਟਸਪੌਟ ਪਿੰਡ ਲਾਡਪੁਰ ਤੂਰਾਂ, ਲੋਹਾਰ ਮਾਜਰਾ ਅਤੇ ਨਾਰਾਇਣਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਕੋਟਪਾ ਐਕਟ-2003 ਤਹਿਤ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਸਬੰਧੀ ਕਾਨੂੰਨੀ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।