ਸੰਗਰੂਰ, 20 ਅਗਸਤ, 2026 (ਜਗਦੇਵ ਸਿੰਘ ਜੱਗੀ) : ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਪੀ. (ਐਚ) -ਕਮ- ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸੰਗਰੂਰ ਦੀ ਯੋਗ ਅਗਵਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ ਦੇ 151ਵੇਂ ਜਨਮ ਦਿਨ ਨੂੰ ਸਮਰਪਿਤ ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਤੇਜਿੰਦਰ ਸਿੰਘ, ਪੀ.ਪੀ.ਐਸ., ਡੀ.ਐਸ.ਪੀ. ਸਕਿਊਰਿਟੀ ਅਤੇ ਟ੍ਰੈਫਿਕ ਵੱਲੋਂ ਕਾਲਜ ਦੇ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਪ੍ਰੋ. ਰੋਮੀ ਗਰਗ, ਪ੍ਰਿੰਸੀਪਲ, ਸਰਕਾਰੀ ਰਣਬੀਰ ਕਾਲਜ ਸੰਗਰੂਰ ਅਤੇ ਕਾਲਜ ਦੇ ਕਾਮਰਸ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਵੱਲੋਂ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 76 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਯੁਵਾ ਸਾਂਝ ਕਮੇਟੀ ਦੇ ਮੈਂਬਰ ਪ੍ਰੋ. ਕੁਲਦੀਪ ਕੁਮਾਰ, ਪ੍ਰਿੰਸੀਪਲ ਪ੍ਰੋ. ਰੋਮੀ ਗਰਗ ਅਤੇ ਇੰਸਪੈਕਟਰ ਸਿਮਰਨਜੋਤ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਲੇਖ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਮਨਪ੍ਰੀਤ ਕੌਰ, ਚਿਰਾਗ ਸਿੰਗਲਾ ਅਤੇ ਸ਼ਗਨਪ੍ਰੀਤ ਕੌਰ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਚੌਥਾ, ਪੰਜਵਾਂ ਅਤੇ ਛੇਵਾਂ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ, ਪਵਨੀਤ ਕੌਰ ਅਤੇ ਸੰਦੀਪ ਕੌਰ ਨੂੰ ਵੀ ਹੌਸਲਾ-ਅਫ਼ਜ਼ਾਈ ਵਜੋਂ ਇਨਾਮ ਪ੍ਰਦਾਨ ਕੀਤੇ ਗਏ। ਇਸ ਉਪਰੰਤ ਵਿਦਿਆਰਥਣਾਂ ਗਗਨਦੀਪ ਜੋਸ਼ੀ ਅਤੇ ਪਰਮਜੀਤ ਕੌਰ ਅਤੇ ਵਿਦਿਆਰਥੀ ਚਿਰਾਗ ਸਿੰਗਲਾ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਉਨ੍ਹਾਂ ਵੱਲੋਂ ਪਾਏ ਯੋਗਦਾਨ ਬਾਰੇ ਦੋ-ਦੋ ਮਿੰਟ ਦੇ ਭਾਸ਼ਣ ਦਿੱਤੇ ਗਏ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸਰਦਾਰ ਪਟੇਲ ਜੀ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।






