Home ਪਟਿਆਲਾ ਅਪਡੇਟ ਪੰਜਾਬੀ ਯੂਨੀਵਰਸਿਟੀ ਪੇਪਰ ਲੀਕ ‘ਤੇ ਬਾਦਲ ਭੜਕੇ

ਪੰਜਾਬੀ ਯੂਨੀਵਰਸਿਟੀ ਪੇਪਰ ਲੀਕ ‘ਤੇ ਬਾਦਲ ਭੜਕੇ

accusing the government of failing to protect students' future.

0

ਪਟਿਆਲਾ, 6 ਅਗਸਤ, 2026 (ਬਲਜੀਤ ਸਰਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਐਸਓਆਈ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸ਼ਾਮਲ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਸਿਰਫ਼ ਬਿਆਨਬਾਜ਼ੀ ਅਤੇ ਪ੍ਰਚਾਰ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪੇਪਰ ਲੀਕ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਗੜਬੜੀਆਂ ਕਾਰਨ ਸੂਬੇ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਨੌਜਵਾਨ ਸੂਬਾ ਪੱਧਰੀ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ, ਸਫਾਈ ਕਰਮਚਾਰੀਆਂ ਅਤੇ ਹੋਰ ਵਰਗਾਂ ਦੇ ਮੁਲਾਜ਼ਮ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਜੋ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਸਰਕਾਰ ‘ਤੇ ਜਨਤਕ ਧਨ ਦੀ ਦੁਰਵਰਤੋਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖਿਆ, ਰੁਜ਼ਗਾਰ ਅਤੇ ਵਿਦਿਆਰਥੀ ਭਲਾਈ ਦੀ ਥਾਂ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਰਾਜਨੀਤਿਕ ਪ੍ਰਚਾਰ ‘ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵੀ ਸਮੇਂ ਸਿਰ ਜਾਰੀ ਨਹੀਂ ਕੀਤਾ ਜਾ ਰਿਹਾ। ਧਾਰਮਿਕ ਮਾਮਲਿਆਂ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਹਨ ਅਤੇ ਇਨ੍ਹਾਂ ਦੀ ਖੁਦਮੁਖਤਿਆਰੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਨੌਜਵਾਨਾਂ ਦੇ ਹੱਕਾਂ, ਸਿੱਖਿਆ ਪ੍ਰਣਾਲੀ, ਕਰਮਚਾਰੀਆਂ ਦੇ ਅਧਿਕਾਰਾਂ ਅਤੇ ਸਿੱਖ ਸੰਸਥਾਵਾਂ ਦੀ ਆਜ਼ਾਦੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗਾ।

 

Exit mobile version