ਨਵੀਂ ਦਿੱਲੀ ,15 ਜੁਲਾਈ 2026 (ਜਗਦੇਵ ਰੰਚਨਾ): ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਚੱਲ ਰਹੀ ਚਰਚਾ ਵਿਚਕਾਰ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਹੈ ਕਿ ਸੂਬੇ ਵਿੱਚ ਲੀਡਰਸ਼ਿਪ ਤਬਦੀਲੀ ਕੋਈ ਆਸਾਨ ਫੈਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ “ਗੁੱਡੀਆਂ ਦਾ ਖੇਡ ਨਹੀਂ” ਹੈ।
ਭੁਪੇਸ਼ ਬਘੇਲ ਨੇ ਪੰਜਾਬ ਦੇ ਹਾਲਾਤ ਅਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਬਾਰੇ ਆਪਣੀ ਰਿਪੋਰਟ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਉਨ੍ਹਾਂ ਵੱਲੋਂ ਆਪਣੇ ਛੇ ਦਿਨਾਂ ਪੰਜਾਬ ਦੌਰੇ ਦੌਰਾਨ ਸੂਬੇ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤਾਂ ਅਤੇ ਮੀਟਿੰਗਾਂ ਤੋਂ ਬਾਅਦ ਤਿਆਰ ਕੀਤੀ ਗਈ ਹੈ।
ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ ਬਘੇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਰਿਪੋਰਟ ਸੰਗਠਨ ਦੇ ਜਨਰਲ ਸਕੱਤਰ ਨੂੰ ਸੌਂਪ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੇ ਰਿਪੋਰਟ ਦੀ ਸਮੱਗਰੀ ਬਾਰੇ ਕੋਈ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਸੰਭਾਵਨਾ ਹੈ ਤਾਂ ਬਘੇਲ ਨੇ ਕਿਹਾ ਕਿ ਅਜਿਹੇ ਫੈਸਲੇ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਲਏ ਜਾਂਦੇ ਹਨ ਅਤੇ ਇਹ ਕੋਈ ਖੇਡ ਨਹੀਂ ਹੈ।
ਜ਼ਿਕਰਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਸੰਗਠਨਾਤਮਕ ਤਬਦੀਲੀਆਂ ਨੂੰ ਲੈ ਕੇ ਮਤਭੇਦ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਭੁਪੇਸ਼ ਬਘੇਲ ਨੇ ਚੰਡੀਗੜ੍ਹ ਦਾ ਦੌਰਾ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
ਇਹ ਵਿਵਾਦ ਉਸ ਸਮੇਂ ਤੇਜ਼ ਹੋਇਆ ਜਦੋਂ ਕਾਂਗਰਸ ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਬਰਕਰਾਰ ਰੱਖਣ ਅਤੇ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਬਣਾਉਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਕੁਝ ਆਗੂਆਂ ਵੱਲੋਂ ਸੰਗਠਨ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਹੈ।
