Homeਪੰਜਾਬਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਲਈ ਮਿੱਟੀ ਦੀ ਪਰਖ ਦੇ ਆਧਾਰ...

ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਲਈ ਮਿੱਟੀ ਦੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਸੰਤੁਲਿਤ ਵਰਤੋਂ ਜ਼ਰੂਰੀ: ਡਾ. ਅਸ਼ੋਕ ਕੁਮਾਰ ਗਰਗ

Dr. Ashok Kumar Garg Emphasises Soil Testing and Balanced Fertilizer Use for Better Wheat and Rabi Crop Production

ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਨਦਾਮਪੁਰ ਵਿਖੇ ਜਾਗਰੂਕਤਾ ਕੈਂਪ; ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਖੇਤਾਂ ਦਾ ਵੀ ਦੌਰਾ
ਭਵਾਨੀਗੜ੍ਹ, 26 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਵਿਖੇ ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਖੁਰਾਕੀ ਤੱਤਾਂ ਦੇ ਪ੍ਰਬੰਧ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।  ਪੀ.ਏ.ਯੂ. ਦੇ ਨਿਰਦੇਸ਼ਕ, ਪਸਾਰ ਸਿੱਖਿਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਮਿੱਟੀ ਦੀ ਪਰਖ ਅਨੁਸਾਰ ਖਾਦਾਂ ਦੀ ਵਰਤੋਂ, ਕਣਕ ਵਿੱਚ ਮੈਂਗਨੀਜ਼ ਦੀ ਘਾਟ ਦੀ ਪਛਾਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਸਮੇਤ 25 ਤੋਂ ਵੱਧ ਕਿਸਾਨਾਂ ਨੇ ਕੈਂਪ ਵਿੱਚ ਹਿੱਸਾ ਲਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਸੀਨੀਅਰ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਡਾ. ਅਸ਼ੋਕ ਕੁਮਾਰ ਗਰਗ ਨੇ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਨਤੀਜਿਆਂ ਅਤੇ ਫ਼ਸਲ ਦੀ ਲੋੜ ਅਨੁਸਾਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਅਤੇ ਹੋਰ ਖਾਦਾਂ ਦੀ ਲੋੜ ਤੋਂ ਵੱਧ ਵਰਤੋਂ ਨਾਲ ਖੇਤੀ ਲਾਗਤ ਵਧਦੀ ਹੈ ਅਤੇ ਮਿੱਟੀ ਦੀ ਸਿਹਤ ਤੇ ਵਾਤਾਵਰਨ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ ਸਮੇਤ ਲੋੜੀਂਦੇ ਖੁਰਾਕੀ ਤੱਤਾਂ ਦੀ ਸੰਤੁਲਿਤ ਮਾਤਰਾ ਵਿੱਚ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਡਾ. ਗਰਗ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਦੇ ਲੱਛਣਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਘਾਟ ਖ਼ਾਸ ਕਰਕੇ ਹਲਕੀ ਬਣਤਰ ਵਾਲੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲ ਸਕਦੀ ਹੈ। ਇਸ ਕਾਰਨ ਕਣਕ ਦੇ ਨਵੇਂ ਨਿਕਲ ਰਹੇ ਪੱਤਿਆਂ ਦੀਆਂ ਨਾੜੀਆਂ ਵਿਚਕਾਰ ਪੀਲਾਪਣ ਆ ਸਕਦਾ ਹੈ ਅਤੇ ਬਾਅਦ ਵਿੱਚ ਭੂਰੇ ਧੱਬੇ ਪੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਘਾਟ ਨੂੰ ਦੂਰ ਕਰਨ ਲਈ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਮੈਂਗਨੀਜ਼ ਸਲਫੇਟ ਦੇ 0.5 ਫ਼ੀਸਦੀ ਘੋਲ ਦਾ ਛਿੜਕਾਅ ਕਰਨ ਦੀ ਸਲਾਹ ਦਿੱਤੀ। ਕੈਂਪ ਤੋਂ ਬਾਅਦ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਨੇ ਨਦਾਮਪੁਰ ਅਤੇ ਮੱਟਰਾਂ ਪਿੰਡਾਂ ਵਿੱਚ ਸਰਫੇਸ ਸੀਡਿੰਗ-ਕਮ-ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਖੇਤਾਂ ਦਾ ਦੌਰਾ ਕੀਤਾ। ਟੀਮ ਨੇ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਇਸ ਤਕਨੀਕ ਦੇ ਲਾਭਾਂ ਅਤੇ ਫ਼ਸਲ ਦੇ ਢੁੱਕਵੇਂ ਪ੍ਰਬੰਧ ਬਾਰੇ ਗੱਲਬਾਤ ਕੀਤੀ। ਇਸ ਤਕਨੀਕ ਰਾਹੀਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਲਚ ਵਜੋਂ ਰੱਖ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਡਾ. ਗਰਗ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾਉਣ ਅਤੇ ਖੁਰਾਕੀ ਤੱਤਾਂ ਦੀ ਸੁਚੱਜੀ ਵਰਤੋਂ ਤੇ ਖੇਤੀ ਲਾਗਤ ਘਟਾਉਣ ਲਈ ਪੀ.ਏ.ਯੂ. ਦੀਆਂ ਫ਼ਸਲ-ਵਾਰ ਸਿਫ਼ਾਰਸ਼ਾਂ ਅਪਣਾਉਣ ਦੀ ਅਪੀਲ ਕੀਤੀ।
RELATED ARTICLES
- Advertisment -
Google search engine
Google search engine
Google search engine

Most Popular

Recent Comments