ਚੰਡੀਗੜ੍ਹ, 11 ਸਤੰਬਰ 2026, (ਗੁਰਮੀਤ ਸਿੰਘ ਤੁੰਗ) : ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪੇਸ਼ ਨਹੀਂ ਹੋਏ। ਪਾਰਟੀ ਵੱਲੋਂ ਉਨ੍ਹਾਂ ਦੀ ਗੈਰਹਾਜ਼ਰੀ ਦਾ ਕਾਰਨ ਸਿਹਤ ਸਬੰਧੀ ਦੱਸਿਆ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਸੀਨੀਅਰ ਆਗੂ ਬੰਟੀ ਰੋਮਾਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅੱਜ ਡਾਕਟਰੀ ਮੁਆਇਨਾ ਹੋਣਾ ਹੈ। ਇਸ ਕਾਰਨ ਉਹ SIT ਸਾਹਮਣੇ ਹਾਜ਼ਰ ਨਹੀਂ ਹੋ ਸਕੇ।
ਪਾਰਟੀ ਆਗੂਆਂ ਮੁਤਾਬਕ ਸੁਖਬੀਰ ਬਾਦਲ ਵੱਲੋਂ ਪਹਿਲਾਂ ਹੀ SIT ਤੋਂ ਪੁੱਛਗਿੱਛ ਲਈ ਲਿਖਤੀ ਪ੍ਰਸ਼ਨਾਵਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ ਅਤੇ ਅੱਜ ਵੀ ਇਹ ਮੰਗ ਜਾਂਚ ਟੀਮ ਅੱਗੇ ਦੁਹਰਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਨੇ 30 ਸਤੰਬਰ ਤੋਂ ਬਾਅਦ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ ਪੰਜਾਬ ਦੀ ਸਿਆਸਤ ਵਿੱਚ ਲੰਮੇ ਸਮੇਂ ਤੋਂ ਬੇਹੱਦ ਸੰਵੇਦਨਸ਼ੀਲ ਮੁੱਦੇ ਬਣੇ ਹੋਏ ਹਨ। ਇਨ੍ਹਾਂ ਮਾਮਲਿਆਂ ਵਿੱਚ ਜਾਂਚ ਦੀ ਪ੍ਰਗਤੀ ਅਤੇ ਵੱਖ-ਵੱਖ ਵਿਅਕਤੀਆਂ ਦੀ ਪੁੱਛਗਿੱਛ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਪੱਧਰ ’ਤੇ ਲਗਾਤਾਰ ਚਰਚਾ ਹੁੰਦੀ ਰਹੀ ਹੈ।
ਇਸ ਦੌਰਾਨ ਅਕਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਇਸ ਮਾਮਲੇ ਨੂੰ ਸਿਆਸੀ ਤੌਰ ’ਤੇ ਵਰਤਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਂਚ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ, SIT ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਕੀ ਹੋਵੇਗੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਅਗਲੀ ਤਾਰੀਖ ਕਦੋਂ ਦਿੱਤੀ ਜਾਂਦੀ ਹੈ, ਇਸ ਬਾਰੇ ਅਧਿਕਾਰਤ ਤੌਰ ’ਤੇ ਹੋਰ ਜਾਣਕਾਰੀ ਦੀ ਉਡੀਕ ਹੈ।







