ਕੁਰੂਕਸ਼ੇਤਰ, 27 ਸਤੰਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਯੋਗ ਪਰਿਵਾਰਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਦੀਆਂ ਸਿਹਤ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦਾ ਸਿਹਤ ਲਾਭ ਦਿੱਤਾ ਜਾਂਦਾ ਹੈ। ਇਹ ਇਲਾਜ ਦੀ ਸਹੂਲਤ ਪੂਰੀ ਤਰ੍ਹਾਂ ਕੈਸ਼ਲੈੱਸ ਅਤੇ ਪੇਪਰਲੈੱਸ ਹੈ। ਲਾਭਪਾਤਰੀ ਆਪਣਾ ਆਯੁਸ਼ਮਾਨ ਕਾਰਡ ਦਿਖਾ ਕੇ ਸੂਚੀਬੱਧ ਹਸਪਤਾਲ ਵਿੱਚ ਇਲਾਜ ਕਰਵਾ ਸਕਦਾ ਹੈ। ਇਸ ਯੋਜਨਾ ਵਿੱਚ ਦੂਜੇ ਅਤੇ ਤੀਜੇ ਦਰਜੇ ਦੀਆਂ ਚਿਕਿਤਸਾ ਸਹੂਲਤਾਂ ਵੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਹਰਿਆਣਾ ਸਰਕਾਰ ਵੱਲੋਂ ਨਵੰਬਰ 2022 ਵਿੱਚ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਤਸਦੀਕਸ਼ੁਦਾ ਆਮਦਨ ਵਾਲੇ ਪਰਿਵਾਰਾਂ ਨੂੰ ਯੋਜਨਾ ਦਾ ਲਾਭਪਾਤਰੀ ਬਣਾਇਆ ਗਿਆ ਹੈ। ਇਨ੍ਹਾਂ ਪਰਿਵਾਰਾਂ ਦੀ ਤਸਦੀਕਸ਼ੁਦਾ ਆਮਦਨ ਸਬੰਧੀ ਡਾਟਾਬੇਸ ਨੈਸ਼ਨਲ ਹੈਲਥ ਅਥਾਰਟੀ ਵੱਲੋਂ ਵਰਤਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ 1.80 ਲੱਖ ਰੁਪਏ ਤੋਂ 3 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਪਰਿਵਾਰ ਵੀ 1,500 ਰੁਪਏ ਸਾਲਾਨਾ ਪ੍ਰੀਮੀਅਮ ਅਦਾ ਕਰਕੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਅਜਿਹੇ ਪਰਿਵਾਰਾਂ ਨੂੰ ਹਰ ਸਾਲ ਪ੍ਰੀਮੀਅਮ ਦੀ ਰਕਮ ਜਮ੍ਹਾਂ ਕਰਵਾ ਕੇ ਆਪਣੇ ਕਾਰਡ ਦਾ ਨਵੀਨੀਕਰਨ ਕਰਵਾਉਣਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਲਾਭਪਾਤਰੀ ਨੂੰ ਆਯੁਸ਼ਮਾਨ ਕਾਰਡ ਬਣਵਾਉਣ ਲਈ ਆਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ ਅਤੇ ਆਧਾਰ ਨਾਲ ਜੁੜਿਆ ਮੋਬਾਈਲ ਫੋਨ ਨਾਲ ਲਿਆਉਣਾ ਜ਼ਰੂਰੀ ਹੈ। ਇਹ ਸਹੂਲਤ ਅਟਲ ਸੇਵਾ ਕੇਂਦਰਾਂ ’ਤੇ ਵੀ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 70 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਵੀ ਆਯੁਸ਼ਮਾਨ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਯੋਗ ਲਾਭਪਾਤਰੀਆਂ ਨੂੰ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
