Home ਹਰਿਆਣਾ ਆਯੁਸ਼ਮਾਨ ਅਤੇ ਚਿਰਾਯੂ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਿਲ ਰਹੀ ਮੁਫ਼ਤ ਇਲਾਜ ਦੀ...

ਆਯੁਸ਼ਮਾਨ ਅਤੇ ਚਿਰਾਯੂ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਿਲ ਰਹੀ ਮੁਫ਼ਤ ਇਲਾਜ ਦੀ ਸਹੂਲਤ : ਵਿਸ਼ਰਾਮ ਕੁਮਾਰ ਮੀਣਾ

DC Vishram Kumar Meena highlights free healthcare benefits under Ayushman Bharat and Chirayu Ayushman Haryana schemes, offering eligible families treatment coverage up to ₹5 lakh annually.

0

ਕੁਰੂਕਸ਼ੇਤਰ, 22 ਨਵੰਬਰ 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਯੋਗ ਪਰਿਵਾਰਾਂ ਲਈ ਮੁਫ਼ਤ ਇਲਾਜ ਕਰਵਾਉਣ ਵਿੱਚ ਲਾਹੇਵੰਦ ਸਾਬਤ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਸਹੂਲਤ ਪੂਰੀ ਤਰ੍ਹਾਂ ਕੈਸ਼ਲੈੱਸ (ਨਕਦੀ ਰਹਿਤ) ਅਤੇ ਪੇਪਰਲੈੱਸ (ਕਾਗਜ਼ ਰਹਿਤ) ਹੈ। ਇਸ ਤਹਿਤ ਲਾਭਪਾਤਰੀ ਆਪਣਾ ਆਯੁਸ਼ਮਾਨ ਕਾਰਡ ਦਿਖਾ ਕੇ ਸੂਚੀਬੱਧ ਹਸਪਤਾਲ ਵਿੱਚ ਇਲਾਜ ਕਰਵਾ ਸਕਦਾ ਹੈ। ਇਸ ਯੋਜਨਾ ਵਿੱਚ ਦੂਜੇ ਅਤੇ ਤੀਜੇ ਦਰਜੇ ਦੀਆਂ ਮੈਡੀਕਲ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਲੜੀ ਤਹਿਤ ਹਰਿਆਣਾ ਸਰਕਾਰ ਵੱਲੋਂ ਨਵੰਬਰ 2022 ਵਿੱਚ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯੋਜਨਾ ਤਹਿਤ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਤਸਦੀਕਸ਼ੁਦਾ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਲਾਭਪਾਤਰੀ ਬਣਾਇਆ ਗਿਆ ਹੈ। ਇਨ੍ਹਾਂ ਪਰਿਵਾਰਾਂ ਦੀ ਤਸਦੀਕਸ਼ੁਦਾ ਆਮਦਨ ਦਾ ਡਾਟਾਬੇਸ ਨੈਸ਼ਨਲ ਹੈਲਥ ਏਜੰਸੀ ਵੱਲੋਂ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 1 ਲੱਖ 80 ਹਜ਼ਾਰ ਰੁਪਏ ਤੋਂ ਲੈ ਕੇ 3 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰ ਵੀ ਸਿਰਫ਼ 1,500 ਰੁਪਏ ਪ੍ਰੀਮੀਅਮ ਅਦਾ ਕਰਕੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਅਜਿਹੇ ਪਰਿਵਾਰਾਂ ਨੂੰ ਹਰ ਸਾਲ ਪ੍ਰੀਮੀਅਮ ਦੀ ਰਕਮ ਜਮ੍ਹਾਂ ਕਰਵਾ ਕੇ ਆਪਣੇ ਕਾਰਡ ਦਾ ਨਵੀਨੀਕਰਨ ਕਰਵਾਉਣਾ ਪਵੇਗਾ।

ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਕਾਰਡ ਬਣਵਾਉਣ ਲਈ ਆਧਾਰ ਕਾਰਡ, ਪਰਿਵਾਰ ਪਛਾਣ ਪੱਤਰ (PPP) ਅਤੇ ਆਧਾਰ ਕਾਰਡ ਨਾਲ ਲਿੰਕ ਕੀਤਾ ਹੋਇਆ ਮੋਬਾਈਲ ਫ਼ੋਨ ਨਾਲ ਲਿਆਉਣਾ ਲਾਜ਼ਮੀ ਹੈ। ਇਹ ਸਹੂਲਤ ਅਟਲ ਸੇਵਾ ਕੇਂਦਰਾਂ ‘ਤੇ ਵੀ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵੀ ਆਯੁਸ਼ਮਾਨ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਚਿਰਾਯੂ ਆਯੁਸ਼ਮਾਨ ਹਰਿਆਣਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Exit mobile version