ਪਟਿਆਲਾ, 10 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਅੱਜ ਪਟਿਆਲਾ ਦੇ ਸਰਕਾਰੀ ਅਧਿਕਾਰੀਆਂ ਨੂੰ ਪੱਛੜੀਆਂ ਸ੍ਰੇਣੀਆਂ (ਬੀਸੀ) ਵਰਗ ਨਾਲ ਸਬੰਧਤ ਨਾਗਰਿਕਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਚੇਅਰਮੈਨ ਮਲਕੀਤ ਥਿੰਦ ਇੱਥੇ ਸਰਕਟ ਹਾਊਸ ਵਿਖੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਨਾਲ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਿਸਥਾਰਪੂਰਵਕ ਜਾਇਜ਼ਾ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਜਾਰੀ ਕਰਨ ‘ਚ ਦੇਰੀ ਨਾ ਕੀਤੀ ਜਾਵੇ ਅਤੇ ਆਮਦਨ ਤੇ ਕਰੀਮੀ ਲੇਅਰ ਸਬੰਧੀ ਜਾਣਕਾਰੀ ਤੇ ਨਿਯਮਾਂ ਬਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ। ਚੇਅਰਮੈਨ ਮਲਕੀਤ ਥਿੰਦ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਉਦੇਸ਼ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀਸੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਯੋਗਤਾ ਅਨੁਸਾਰ ਯੋਜਨਾਵਾਂ ਦਾ ਲਾਭ ਦਿਵਾਉਣ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਮੀਟਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਪੱਛੜੀਆਂ ਸ੍ਰੇਣੀਆਂ ਲਈ ਲਾਗੂ ਕੀਤੀਆਂ ਯੋਜਨਾਵਾਂ ਤਹਿਤ ਦਿੱਤੇ ਗਏ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਪਲਬੱਧ ਅੰਕੜਿਆਂ ਦੇ ਆਧਾਰ ’ਤੇ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਯੋਜਨਾਵਾਂ ਦੇ ਲਾਗੂ ਕਰਨ ਵਿੱਚ ਸਾਹਮਣੇ ਆਈਆਂ ਕਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ ਚੇਅਰਮੈਨ ਮਲਕੀਤ ਥਿੰਦ ਨੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਵੀ ਕੀਤਾ। ਚੇਅਰਮੈਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਮਲਕੀਤ ਥਿੰਦ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪਿੰਡ-ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਆਪਕ ਪੱਧਰ ’ਤੇ ਪਹੁੰਚਾਈ ਜਾਵੇ, ਤਾਂ ਜੋ ਪੱਛੜੀਆਂ ਸ੍ਰੇਣੀਆਂ ਸਮਾਜ ਦਾ ਕੋਈ ਵੀ ਯੋਗ ਵਿਅਕਤੀ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਲੋਕਾਂ ਨੂੰ ਬੇਲੋੜੇ ਤੌਰ ’ਤੇ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਦੇਣ ’ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ ਏਡੀਸੀ (ਜ) ਅਨੁਪ੍ਰਿਤਾ ਜੌਹਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਭਲਾਈ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਤਹਿਸੀਲਦਾਰ ਹਰਸਿਮਰਨ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰਜੀਤ ਸਿੰਘ ਟਿਵਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਪੱਛੜੀਆਂ ਸ੍ਰੇਣੀਆਂ ਸਮਾਜ ਦੇ ਵੱਡੀ ਗਿਣਤੀ ਵਿੱਚ ਨੁਮਾਇੰਦੇ ਮੌਜੂਦ ਸਨ।







