ਤਲਵਾੜਾ: 20 ਜੁਲਾਈ 2026 (ਜਗਦੇਵ ਰੰਚਨਾਂ) : ਤਲਵਾੜਾ ਦੀ ਪਵਿੱਤਰ ਧਰਤੀ ‘ਤੇ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕਰਕੇ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਪਿਆਰ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਪਿਆਰ ਹੀ ਉਨ੍ਹਾਂ ਨੂੰ ਲੋਕ ਸੇਵਾ ਲਈ ਨਿਰੰਤਰ ਕੰਮ ਕਰਨ ਦੀ ਤਾਕਤ ਦਿੰਦਾ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਲਵਾੜਾ ਸਥਿਤ ਬੀ.ਬੀ.ਐੱਮ.ਬੀ. (BBMB) ਹਸਪਤਾਲ ਨੂੰ ਆਧੁਨਿਕ ਮੈਡੀਕਲ ਮਸ਼ੀਨਾਂ ਅਤੇ ਮਾਹਿਰ ਡਾਕਟਰਾਂ ਨਾਲ ਹੋਰ ਮਜ਼ਬੂਤ ਬਣਾਇਆ ਜਾਵੇਗਾ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਦਾ ਰੁਖ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਯਤਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਧਾਰਮਿਕ ਮਾਹੌਲ ਵਿੱਚ ਹੋਏ ਇਸ ਸਮਾਗਮ ਨੇ ਭਾਈਚਾਰਕ ਏਕਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ।