Home ਪੰਜਾਬ ਭਵਾਨੀਗੜ੍ਹ ਨਗਰ ਕੌਂਸਲ ਨੂੰ ਮਿਲੀ ਨਵੀਂ ਅਗਵਾਈ, ਅਵਤਾਰ ਸਿੰਘ ਤਾਰੀ ਨੇ ਪ੍ਰਧਾਨ...

ਭਵਾਨੀਗੜ੍ਹ ਨਗਰ ਕੌਂਸਲ ਨੂੰ ਮਿਲੀ ਨਵੀਂ ਅਗਵਾਈ, ਅਵਤਾਰ ਸਿੰਘ ਤਾਰੀ ਨੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

0

ਭਵਾਨੀਗੜ੍ਹ, 28 ਜੁਲਾਈ (ਵਿਸ਼ਾਲ ਗੁਪਤਾ) : ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਇਸੇ ਮੌਕੇ ਕਰਮਜੀਤ ਕੌਰ ਨੇ ਵਾਈਸ ਪ੍ਰਧਾਨ ਵਜੋਂ ਆਪਣਾ ਕਾਰਜਭਾਰ ਸੰਭਾਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਵਿਸ਼ਵਾਸ ਜਤਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਹੂਲਤ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਕਈ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਾਨੀਗੜ੍ਹ ਨਾਲ ਸੰਬੰਧਿਤ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ।

ਨਵੇਂ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ, ਪਾਰਟੀ ਲੀਡਰਸ਼ਿਪ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਨਗਰ ਕੌਂਸਲ ਰਾਹੀਂ ਹਰ ਵਰਗ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਗੁਰਮੇਲ ਘਰਾਚੋ, ਪ੍ਰੀਤਮ ਸਿੰਘ, ਰਛਪਾਲ ਭੁੱਲਰ, ਮਹਿੰਦਰ ਸਿੰਘ ਸਿੱਧੂ, ਵਿਕਰਮ ਨਕਟੇ, ਸੁਖਵਿੰਦਰ ਮਾਨ, ਸਮੂਹ ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਹਾਜ਼ਰ ਰਹੇ। ਹਾਜ਼ਰੀਨ ਨੇ ਅਵਤਾਰ ਸਿੰਘ ਤਾਰੀ ਅਤੇ ਕਰਮਜੀਤ ਕੌਰ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

Exit mobile version