Home ਪਟਿਆਲਾ ਅਪਡੇਟ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਇੱਕ ਸ਼ਾਮ ਸ਼ਿਵ ਦੇ ਨਾਮ’ ਵਿਸ਼ਾਲ ਧਾਰਮਿਕ ਉਤਸਵ...

ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਇੱਕ ਸ਼ਾਮ ਸ਼ਿਵ ਦੇ ਨਾਮ’ ਵਿਸ਼ਾਲ ਧਾਰਮਿਕ ਉਤਸਵ 28 ਜੁਲਾਈ ਨੂੰ

0
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਆਪ ਆਗੂਆਂ ਨੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਪਟਿਆਲਾ, 27 ਜੁਲਾਈ: (ਵਿਸ਼ਾਲ ਗੁਪਤਾ): ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਉਤਸਵ “ਇੱਕ ਸ਼ਾਮ ਸ਼ਿਵ ਦੇ ਨਾਮ” ਦੇ ਸੱਦਾ ਪੱਤਰ (ਕਾਰਡ) ਨੂੰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ ‘ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇ ਦਿਹਾਤੀ ਪ੍ਰਧਾਨ ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਹਾਜ਼ਰ ਸਨ।

ਇਸ ਮੌਕੇ ਦੀਪਕ ਬਾਲੀ ਅਤੇ ਵਿਜੈ ਸ਼ਰਮਾ ਨੇ ਕਿਹਾ ਕਿ “ਇੱਕ ਸ਼ਾਮ ਸ਼ਿਵ ਦੇ ਨਾਮ” ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਭਗਵਾਨ ਸ਼ਿਵ ਪ੍ਰਤੀ ਸ਼ਰਧਾ, ਸਮਾਜਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਵਿਸ਼ਾਲ ਉਤਸਵ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮਵਰ ਭਜਨ ਗਾਇਕ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਧਾਰਮਿਕ ਉਤਸਵ ਦਾ ਹਿੱਸਾ ਬਣਨਗੀਆਂ।

ਇਸ ਉਪਰੰਤ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ, ਪਾਰਕਿੰਗ, ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਅਤੇ ਐਸਡੀਐਮ ਸਮੇਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨਾਲ ਹਰ ਲੋੜੀਂਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸ਼ਰਧਾਲੂਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

ਫੋਟੋ ਕੈਪਸ਼ਨ: ਸਰਕਟ ਹਾਊਸ, ਪਟਿਆਲਾ ਵਿਖੇ “ਇੱਕ ਸ਼ਾਮ ਸ਼ਿਵ ਦੇ ਨਾਮ” ਧਾਰਮਿਕ ਉਤਸਵ ਦਾ ਸੱਦਾ ਪੱਤਰ ਜਾਰੀ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਆਗੂ।

Exit mobile version