Home ਪੰਜਾਬ ਪੰਜਾਬ ਚੋਣਾਂ ਲਈ ਦਸੰਬਰ ਵਿੱਚ ਭਾਜਪਾ ਜਾਰੀ ਕਰੇਗੀ ਚੋਣ ਮਨੋਰਥ ਪੱਤਰ: ਕੇਵਲ...

ਪੰਜਾਬ ਚੋਣਾਂ ਲਈ ਦਸੰਬਰ ਵਿੱਚ ਭਾਜਪਾ ਜਾਰੀ ਕਰੇਗੀ ਚੋਣ ਮਨੋਰਥ ਪੱਤਰ: ਕੇਵਲ ਸਿੰਘ ਢਿੱਲੋਂ

BJP to Release Punjab Assembly Election 2027 Manifesto in December; Kewal Singh Dhillon Announces Plan to Contest All 117 Seats

0

117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ, ਲੋਕਾਂ ਤੋਂ ਸੁਝਾਅ ਲੈ ਕੇ ਤਿਆਰ ਹੋਵੇਗਾ ਭਾਜਪਾ ਦਾ ਚੋਣ ਏਜੰਡਾ

ਚੰਡੀਗੜ੍ਹ, 22 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦਸੰਬਰ ਮਹੀਨੇ ਵਿੱਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਕੇਵਲ ਸਿੰਘ ਢਿੱਲੋਂ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਉਨ੍ਹਾਂ ਦੱਸਿਆ ਕਿ ਚੋਣ ਮਨੋਰਥ ਪੱਤਰ ਨੂੰ ਲੋਕਾਂ ਦੀਆਂ ਉਮੀਦਾਂ ਅਤੇ ਸਮੱਸਿਆਵਾਂ ਦੇ ਅਨੁਸਾਰ ਤਿਆਰ ਕਰਨ ਲਈ ਪਾਰਟੀ ਵੱਲੋਂ ਸੀਨੀਅਰ ਆਗੂਆਂ ਦੇ ਨਾਲ-ਨਾਲ ਆਮ ਲੋਕਾਂ ਤੋਂ ਵੀ ਸੁਝਾਅ ਲਏ ਜਾ ਰਹੇ ਹਨ। ਇਸ ਕੰਮ ਵਿੱਚ ਐੱਚ.ਐੱਸ. ਫੂਲਕਾ, ਸੋਮ ਪ੍ਰਕਾਸ਼, ਰਜਿੰਦਰ ਗੁਪਤਾ, ਮਨਪ੍ਰੀਤ ਬਾਦਲ, ਸਤੀਸ਼ ਪੂਨੀਆ, ਅਵਿਨਾਸ਼ ਰਾਏ ਖੰਨਾ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ। ਇਸ ਮੌਕੇ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਸੂਬੇ ਦੀ ਵਿੱਤੀ ਹਾਲਤ ਅਤੇ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿਰ ਕਰਜ਼ਾ ਵਧ ਕੇ 2.82 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਵਿਕਾਸ ਦੇ ਮਾਮਲੇ ਵਿੱਚ ਸੂਬਾ ਦੇਸ਼ ਵਿੱਚ 22ਵੇਂ ਸਥਾਨ ’ਤੇ ਖਿਸਕ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ। ਪਾਰਟੀ ਵੱਲੋਂ ਭਾਜਪਾ ਸ਼ਾਸਿਤ ਸੂਬਿਆਂ ਦੇ ਪ੍ਰਸ਼ਾਸਨ ਅਤੇ ਵਿਕਾਸ ਮਾਡਲਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ। ਭਲਾਈ ਸਕੀਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣਾ ਗਲਤ ਨਹੀਂ, ਪਰ ਅਜਿਹੀਆਂ ਯੋਜਨਾਵਾਂ ਨੂੰ ਲੰਬੇ ਸਮੇਂ ਤੱਕ ਜਾਰੀ ਰੱਖਣ ਲਈ ਸਰਕਾਰ ਵੱਲੋਂ ਆਮਦਨ ਦੇ ਸਰੋਤ ਵੀ ਮਜ਼ਬੂਤ ਕਰਨੇ ਜ਼ਰੂਰੀ ਹਨ। ਢਿੱਲੋਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਸਹੀ ਸਮੇਂ ’ਤੇ ਕਰੇਗੀ ਅਤੇ ਇਸ ਸਬੰਧੀ ਕੋਈ ਜਲਦਬਾਜ਼ੀ ਨਹੀਂ ਕੀਤੀ ਜਾਵੇਗੀ।

 

Exit mobile version