ਪਟਿਆਲਾ, 12 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਅੱਜ ਮਾਣਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਵੱਲੋਂ ਡਾ. ਸੁਖਪਾਲ ਕੌਰ, ਡਾ. ਗੁਰਜੀਤ ਕੌਰ ਅਤੇ ਸ੍ਰੀ ਕਮਲਵੀਰ ਸਿੰਘ ਦੁਆਰਾ ਸੰਪਾਦਿਤ ਪੁਸਤਕ ‘Beyond the Veil: Women in India’s Political and Socio-Economic Landscape’ ਰਿਲੀਜ਼ ਕੀਤੀ ਗਈ। ਇਹ ਪੁਸਤਕ ਯੂਨੀਵਰਸਿਟੀ ਪਬਲੀਕੇਸ਼ਨ ਬਿਊਰੋ ਅਧੀਨ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਮੌਕੇ ਡਾ. ਕੁਲਦੀਪ ਵਾਲੀਆ, ਡਾਇਰੈਕਟਰ, ਸੈਂਟਰ ਫਾਰ ਇੰਟਰਨਲ ਕੁਆਲਿਟੀ ਐਸ਼ੋਰੈਂਸ (CIQA); ਡਾ. ਬਲਜੀਤ ਸਿੰਘ ਖਹਿਰਾ, ਰਜਿਸਟਰਾਰ; ਡਾ. ਅਮਿਤੋਜ ਸਿੰਘ, ਐਸੋਸੀਏਟ ਡੀਨ, ਅਕਾਦਮਿਕ ਮਾਮਲੇ ਅਤੇ ਡਾ. ਜਗਜੀਤ ਸਿੰਘ, ਇੰਚਾਰਜ, ਪਬਲੀਕੇਸ਼ਨ ਬਿਊਰੋ ਵੀ ਮੌਜੂਦ ਸਨ। ਇਹ ਪੁਸਤਕ ਭਾਰਤ ਵਿੱਚ ਮਹਿਲਾਵਾਂ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਸਥਿਤੀ ਦੇ ਵੱਖ-ਵੱਖ ਪਹਿਲੂਆਂ ਦਾ ਵਿਸ਼ਲੇਸ਼ਣ ਕਰਦੀ ਹੈ। ਇਸ ਵਿੱਚ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ, ਲਿੰਗ ਸਮਾਨਤਾ, ਮਹਿਲਾ ਸਸ਼ਕਤੀਕਰਨ, ਸਮਾਜਿਕ ਨਿਆਂ, ਸਿੱਖਿਆ, ਆਰਥਿਕ ਸੁਤੰਤਰਤਾ ਅਤੇ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪੁਸਤਕ ਦਾ ਉਦੇਸ਼ ਭਾਰਤੀ ਸਮਾਜ ਵਿੱਚ ਮਹਿਲਾਵਾਂ ਦੀ ਬਦਲ ਰਹੀ ਸਥਿਤੀ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਸਾਹਮਣੇ ਮੌਜੂਦ ਚੁਣੌਤੀਆਂ ਨੂੰ ਅਕਾਦਮਿਕ ਦ੍ਰਿਸ਼ਟੀਕੋਣ ਤੋਂ ਸਮਝਣਾ ਹੈ। ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਪੁਸਤਕ ਦੇ ਸੰਪਾਦਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੀ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਭਾਗੀਦਾਰੀ ਨਾਲ ਜੁੜੇ ਮੁੱਦਿਆਂ ‘ਤੇ ਅਜਿਹੇ ਅਕਾਦਮਿਕ ਪ੍ਰਕਾਸ਼ਨ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਖੋਜ ਅਤੇ ਗਿਆਨ ਦੇ ਖੇਤਰ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਦੀਆਂ ਅਕਾਦਮਿਕ ਪ੍ਰਕਾਸ਼ਨ ਗਤੀਵਿਧੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਵੀ ਸੰਪਾਦਕਾਂ ਨੂੰ ਇਸ ਅਕਾਦਮਿਕ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਪੁਸਤਕ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਲਈ ਔਰਤਾਂ ਸੰਬੰਧੀ ਅਧਿਐਨ, ਰਾਜਨੀਤੀ ਵਿਗਿਆਨ ਅਤੇ ਸਮਾਜਿਕ ਵਿਗਿਆਨਾਂ ਦੇ ਖੇਤਰ ਵਿੱਚ ਲਾਹੇਵੰਦ ਸਾਬਤ ਹੋਵੇਗੀ।
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ‘Beyond the Veil: Women in India’s Political and Socio-Economic Landscape’ ਰਿਲੀਜ਼
Book ‘Beyond the Veil: Women in India’s Political and Socio-Economic Landscape’ Released at Jagat Guru Nanak Dev Punjab State Open University, Highlighting Women's Role in Society and Politics.
