ਨਵੀਂ ਦਿੱਲੀ:3 ਅਗਸਤ (ਛਤਰਪਾਲ ਸਿੰਘ):ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਭਾਰਤੀ ਕੁਸ਼ਤੀ ਸੰਘ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਰਾਹਤ ਦਿੰਦਿਆਂ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਪੇਸ਼ ਕੀਤੇ ਗਏ ਸਬੂਤ ਦੋਸ਼ਾਂ ਨੂੰ ਸਾਬਤ ਕਰਨ ਲਈ ਕਾਫ਼ੀ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦੋਸ਼ਮੁਕਤ ਕੀਤਾ ਜਾਂਦਾ ਹੈ।
ਇਹ ਮਾਮਲਾ ਦੇਸ਼ ਭਰ ਵਿੱਚ ਉਸ ਵੇਲੇ ਚਰਚਾ ਦਾ ਕੇਂਦਰ ਬਣਿਆ ਸੀ ਜਦੋਂ ਕਈ ਮਹਿਲਾ ਪਹਿਲਵਾਨਾਂ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਜਾਂਚ ਕੀਤੀ ਗਈ ਅਤੇ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸੀ।
ਅਦਾਲਤੀ ਕਾਰਵਾਈ ਦੌਰਾਨ ਦੋਵਾਂ ਪੱਖਾਂ ਵੱਲੋਂ ਆਪਣੀਆਂ ਦਲੀਲਾਂ ਅਤੇ ਸਬੂਤ ਪੇਸ਼ ਕੀਤੇ ਗਏ। ਲੰਬੇ ਸਮੇਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਇਸ ਨਤੀਜੇ ‘ਤੇ ਪਹੁੰਚੀ ਕਿ ਉਪਲਬਧ ਸਬੂਤਾਂ ਦੇ ਆਧਾਰ ‘ਤੇ ਦੋਸ਼ਾਂ ਨੂੰ ਸ਼ੱਕ ਤੋਂ ਪਰੇ ਸਾਬਤ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਜੁਲਾਈ 2023 ਤੋਂ ਨਿਯਮਤ ਜ਼ਮਾਨਤ ‘ਤੇ ਸਨ। ਮਈ 2024 ਵਿੱਚ ਅਦਾਲਤ ਨੇ ਦੋਸ਼ ਤੈਅ ਕਰਨ ਤੋਂ ਬਾਅਦ ਮੁਕੱਦਮੇ ਦੀ ਸੁਣਵਾਈ ਸ਼ੁਰੂ ਕੀਤੀ ਸੀ। ਹੁਣ ਆਏ ਫ਼ੈਸਲੇ ਨਾਲ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਮੋੜ ਆ ਗਿਆ ਹੈ।
ਫ਼ੈਸਲੇ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਖੇਡ ਜਗਤ ਅਤੇ ਰਾਜਨੀਤਿਕ ਹਲਕਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਅਦਾਲਤ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਕਿ ਫ਼ੈਸਲਾ ਅਦਾਲਤ ਅੱਗੇ ਪੇਸ਼ ਕੀਤੇ ਗਏ ਸਬੂਤਾਂ ਅਤੇ ਕਾਨੂੰਨੀ ਤੱਥਾਂ ਦੇ ਆਧਾਰ ‘ਤੇ ਦਿੱਤਾ ਗਿਆ ਹੈ।






